ਭੂੰਦੜ ਅਤੇ ਐਡਵੋਕੇਟ ਧਾਮੀ ਵੱਲੋਂ ਜਥੇਦਾਰਾਂ ਨਾਲ ਮੁਲਾਕਾਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਨਵੰਬਰ
ਸੰਕਟ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਮਾਮਲੇ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਅਚਨਚੇਤੀ ਮੀਟਿੰਗ ਕੀਤੀ। ਮੀਟਿੰਗ ਵਿੱਚ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਸਨ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਬਾਰੇ ਚਰਚਾ ਕੀਤੀ ਗਈ ਹੈ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਜਲਦੀ ਮੀਟਿੰਗ ਸੱਦਣ ਅਤੇ ਮਾਮਲੇ ਨੂੰ ਜਲਦ ਹੱਲ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਹੋਰਨਾਂ ਅਕਾਲੀ ਆਗੂਆਂ ਵੱਲੋਂ ਦਿੱਤੇ ਜਾ ਰਹੇ ਅਸਤੀਫ਼ੇ ਅਤੇ ਇਸ ਨਾਲ ਪਾਰਟੀ ਵਿੱਚ ਵਧ ਰਹੇ ਅੰਦਰੂਨੀ ਸੰਕਟ ਦਾ ਵੀ ਜ਼ਿਕਰ ਕੀਤਾ ਹੈ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਭੂੰਦੜ ਨੇ ਮੀਟਿੰਗ ਦੇ ਵੇਰਵਿਆਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਉਹ ਇੱਥੇ ਚੱਲ ਰਹੇ ਪਾਠ ਵਿੱਚ ਸ਼ਾਮਲ ਹੋਣ ਲਈ ਆਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਚੋਣ ਤੋਂ ਪਹਿਲਾਂ ਭਰਤੀ ਸ਼ੁਰੂ ਹੋਵੇਗੀ ਅਤੇ ਡੈਲੀਗੇਟ ਚੁਣੇ ਜਾਣਗੇ। ਡੈਲੀਗੇਟ ਬਾਅਦ ਵਿੱਚ ਪ੍ਰਧਾਨ ਦੀ ਚੋਣ ਕਰਨਗੇ। ਬਲਵੰਤ ਸਿੰਘ ਰਾਜੋਆਣਾ ਵੱਲੋਂ ਪੰਥਕ ਏਕਤਾ ਦੀ ਕੀਤੀ ਗਈ ਅਪੀਲ ਬਾਰੇ ਉਨ੍ਹਾਂ ਕਿਹਾ ਕਿ ਇਸ ’ਤੇ ਗੌਰ ਕੀਤਾ ਜਾਣਾ ਚਾਹੀਦਾ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੀਟਿੰਗ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ।