ਰਾਜ ਸਭਾ ਮੈਂਬਰ ਵੱਲੋਂ ਐੱਨਐੱਚਏਆਈ ਚੇਅਰਮੈਨ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਸਤੰਬਰ
ਸਨਅਤੀ ਸ਼ਹਿਰ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰ ਵਿੱਚ ਚੱਲ ਰਹੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਪ੍ਰਾਜੈਕਟਾਂ ’ਤੇ ਚਰਚਾ ਲਈ ਐੱਨਐੱਚਏਆਈ ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਅਰੋੜਾ ਨੇ ਚੇਅਰਮੈਨ ਨੂੰ ਦੱਸਿਆ ਕਿ ਦੱਖਣੀ ਬਾਈਪਾਸ ਗ੍ਰੀਨਫੀਲਡ ਹਾਈਵੇਅ ਪ੍ਰਾਜੈਕਟ ਦੇ ਨਿਰਮਾਣ ਲਈ ਲੋੜੀਂਦੀ ਜ਼ਮੀਨ ਦਾ ਵੱਡਾ ਹਿੱਸਾ ਲਗਪਗ 92 ਫੀਸਦੀ ਪਹਿਲਾਂ ਹੀ ਐੱਨਐੱਚਏਆਈ ਨੂੰ ਦਿੱਤਾ ਜਾ ਚੁੱਕਾ ਹੈ। ਚੇਅਰਮੈਨ ਨੇ ਦੱਸਿਆ ਕਿ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਸ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਫਿਰ ਟੈਂਡਰ ਪ੍ਰਕਿਰਿਆ ਸ਼ੁਰੂ ਹੋਵੇਗੀ। ਸ੍ਰੀ ਅਰੋੜਾ ਨੇ ਦੱਸਿਆ ਕਿ ਲੁਧਿਆਣਾ-ਰੂਪਨਗਰ (ਰੋਪੜ) ਗ੍ਰੀਨਫੀਲਡ ਹਾਈਵੇਅ ਪ੍ਰਾਜੈਕਟ, ਪੈਕੇਜ ਇਕ ਲਈ 30 ਕਿਲੋਮੀਟਰ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਚੇਅਰਮੈਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਠੇਕੇਦਾਰਾਂ ਵੱਲੋਂ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ।
ਇਸ ਤੋਂ ਇਲਾਵਾ ਸ੍ਰੀ ਅਰੋੜਾ ਨੇ ਲੁਧਿਆਣਾ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਮਦਨ ਲਾਲ ਬੱਗਾ ਵੱਲੋਂ ਜਲੰਧਰ ਬਾਈਪਾਸ ’ਤੇ ਕਈ ਥਾਵਾਂ ’ਤੇ ਵਾਹਨ ਅੰਡਰਪਾਸ ਦੇ ਉਸਾਰੀ ਸਬੰਧੀ ਉਠਾਏ ਮੁੱਦਿਆਂ ਨੂੰ ਉਜਾਗਰ ਕੀਤਾ।
ਰਾਜ ਸਭਾ ਮੈਂਬਰ ਨੇ ਚੇਅਰਮੈਨ ਨੂੰ ਸ਼ੇਰਪੁਰ ਚੌਕ ਤੋਂ ਢੰਡਾਰੀ ਕਲਾਂ ਵਾਲੇ ਪਾਸੇ ਤੋਂ ਏਵਨ ਸਾਈਕਲ ਤੱਕ ਸਰਵਿਸ ਰੋਡ ਦੀ ਮਾੜੀ ਹਾਲਤ ਕਾਰਨ ਆਉਣ-ਜਾਣ ਵਾਲੇ ਯਾਤਰੀਆਂ ਅਤੇ ਉਦਯੋਗਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ। ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਅਧਿਕਾਰੀਆਂ ਨੂੰ ਫੋਨ ਕਰ ਕੇ ਸਾਰੇ ਪ੍ਰਾਜੈਕਟਾਂ ’ਤੇ ਕੰਮ ਤੇਜ਼ ਕਰਨ ਦਾ ਹੁਕਮ ਦਿੱਤਾ।