ਪਾਵਰਕੌਮ ਠੇਕਾ ਮੁਲਾਜ਼ਮਾਂ ਦੀ ਕਿਰਤ ਮੰਤਰੀ ਨਾਲ ਮੀਟਿੰਗ ਬੇਸਿੱਟਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਜੁਲਾਈ
ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਹੋਰ ਆਗੂਆਂ ਦੀ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਪਹਿਲਾਂ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ ਨਾਲ ਹੋਈ ਮੀਟਿੰਗ ਵਿੱਚ ਵੀ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ ਸੀ। ਇਸ ਕਾਰਨ ਠੇਕਾ ਮੁਲਾਜ਼ਮਾਂ ਨੇ ਮੁੜ ਤੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਠੇਕਾ ਕਾਮਿਆਂ ਵੱਲੋਂ 5 ਤੋਂ 10 ਅਗਸਤ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ ਤੇ 18 ਅਗਸਤ ਨੂੰ ਪਰਿਵਾਰਾਂ ਸਣੇ ਕਿਰਤ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਮੁਜ਼ਾਹਰਾ ਕੀਤਾ ਜਾਵੇਗਾ। ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਹਰਮੀਤ ਸਿੰਘ, ਚਮਕੌਰ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਕਰੋਨਾ ਦੀ ਓਟ ਵਿੱਚ ਪਾਵਰਕੌਮ ਸੀਐੱਚਬੀ ਠੇਕਾ ਕਾਮਿਆਂ ਦੀਆਂ ਛਾਂਟੀ ਕਰਨ ’ਤੇ ਤੁਲੀ ਹੋਈ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕਿਰਤ ਮੰਤਰੀ ਨਾਲ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਯੂਨੀਅਨ ਆਗੂਆਂ, ਕਿਰਤ ਵਿਭਾਗ ਤੇ ਪਾਵਰਕੌਮ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਪਰ ਗੱਲ ਕਿਸੇ ਕੰਢੇ ਨਹੀਂ ਲੱਗੀ। ਇਸ ਮਗਰੋਂ ਉਹ ਸਿੱਧਾ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲ ਪਹੁੰਚ ਗਏ। ਊਨ੍ਹਾਂ ਕਿਹਾ ਕਿ ਇਸ ਮੌਕੇ ਕਈ ਅਧਿਕਾਰੀ ਵੀ ਉੱਥੇ ਪਹੁੰਚ ਗਏ ਜਦੋਂਕਿ ਪਾਵਰਕੌਮ ਦੇ ਚੇਅਰਮੈਨ ਵੇਨੂ ਪ੍ਰਸ਼ਾਦ, ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ, ਉਪ ਸਕੱਤਰ ਬਲਵਿੰਦਰ ਸਿੰਘ ਗੁਰਮ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਕਿਰਤ ਮੰਤਰੀ ਨੇ ਠੇਕਾ ਕਾਮਿਆਂ ਦੀਆਂ ਛਾਂਟੀਆਂ ਬੰਦ ਕਰਨ, ਬਰਖ਼ਾਸਤ ਕਾਮਿਆਂ ਤੁਰੰਤ ਬਹਾਲੀ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਸਿਫ਼ਾਰਸ਼ ਕੀਤੀ ਪਰ ਪਾਵਰਕੌਮ ਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਹਾਮੀ ਨਹੀਂ ਭਰੀ। ਊਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਮੁਲਾਜ਼ਮਾਂ ’ਤੇ ਦਰਜ ਕੀਤੇ ਪੁਲੀਸ ਕੇਸਾਂ ’ਚ ਕੋਈ ਵੀ ਕਰਮਚਾਰੀ ਜ਼ਮਾਨਤ ਨਹੀਂ ਕਰਵਾਏਗਾ।