ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਵਿਸ਼ੇਸ਼ ਸਿੱਖਿਆ ਸਕੱਤਰ ਨਾਲ ਮੀਟਿੰਗ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਜੂਨ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ (ਲੈਕਚਰਾਰ, ਡੀਪੀਈਜ਼, ਕੰਪਿਊਟਰ ਟੀਚਰ) ਦੇ ਮੋਹਰੀ ਆਗੂਆਂ ਨੇ ਸਿੱਖਿਆ ਵਿਭਾਗ ਦੀ ਵਿਸ਼ੇਸ਼ ਸਕੱਤਰ ਰੂਪਾਂਜਲੀ ਕਾਰਤਿਕ ਨਾਲ ਮੀਟਿੰਗ ਕੀਤੀ ਅਤੇ ਅਧਿਆਪਕਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ। ਅਧਿਆਪਕ ਯੂਨੀਅਨ ਨੇ ਸਭ ਤੋਂ ਪਹਿਲਾਂ 2018 ਦੇ ਨੋਟੀਫਿਕੇਸ਼ਨ ਅਨੁਸਾਰ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਉਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਤਤਕਾਲੀ ਸਰਕਾਰ ਨੇ ਬਿਨਾਂ ਕੋਈ ਕਾਰਨ ਦੱਸੇ ਇਸ ਮੱਦ ਨੂੰ ਨੀਤੀ ‘ਚੋਂ ਬਾਹਰ ਕਰ ਦਿੱਤਾ। ਜਥੇਬੰਦੀ ਨੇ ਮੰਗ ਕੀਤੀ ਕਿ ਪੁਰਾਣੇ ਨੋਟੀਫਿਕੇਸ਼ਨ ਅਨੁਸਾਰ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਅਧਿਆਪਕਾਂ ਦੀਆਂ ਛੁੱਟੀਆਂ ਦੀ ਪਾਲਿਸੀ ਤਹਿਤ ਅਧਿਆਪਕਾਂ ਨੂੰ ਸਾਰੀਆਂ ਛੁੱਟੀਆਂ ਦੇਣ ਦੀ ਮੰਗ ਵੀ ਕੀਤੀ। ਯੂਨੀਅਨ ਨੇ ਵਿਸ਼ੇਸ਼ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੈਰੀਟੋਰੀਅਸ ਸਕੂਲਾਂ ਦੀ ਗਵਰਨਿੰਗ ਕੌਂਸਲ ਅਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਪਿਛਲੇ ਪੰਜ ਸਾਲ ਤੋਂ ਨਹੀਂ ਹੋਈ ਹੈ। ਵਿਸ਼ੇਸ਼ ਸਕੱਤਰ ਨੇ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਉਪਰੋਕਤ ਜਾਇਜ਼ ਮੰਗਾਂ ਨੂੰ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਪ੍ਰਾਜੈਕਟ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਮੈਰੀਟੋਰੀਅਸ ਸਕੂਲਾਂ ਦੀ ਗਵਰਨਿੰਗ ਕੌਂਸਲ ਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਜਲਦੀ ਕਰ ਕੇ ਉਪਰੋਕਤ ਮਸਲਿਆਂ ਨੂੰ ਵਿਚਾਰਿਆ ਜਾਵੇ। ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸੈਣੀ ਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਕੇਂਦਰੀ ਮੈਂਬਰ ਡਾ. ਪਰਮਜੀਤ ਸਿੰਘ, ਡਾ. ਟੀਨਾ, ਡਾ. ਅਜੈ ਕੁਮਾਰ, ਸੁਖਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।