ਪਿੰਡ ਬਸੰਤਕੋਟ ਦੀਆਂ ਔਰਤਾਂ ਵੱਲੋਂ ਐੱਸਐੱਸਪੀ ਨਾਲ ਮੁਲਾਕਾਤ
ਖੇਤਰੀ ਪ੍ਰਤੀਨਿਧ
ਬਟਾਲਾ, 31 ਜੁਲਾਈ
ਪਿੰਡ ਬਸੰਤਕੋਟ ਵਿੱਚ ਵਿਕਦੇ ਨਸ਼ੇ ਨੂੰ ਰੋਕਣ ਲਈ ਪਿੰਡ ਦੀਆਂ ਕੁੱਝ ਔਰਤਾਂ ਵੱਲੋਂ ਚੜ੍ਹਦੀ ਕਲਾ ਗਰੁੱਪ ਬਣਾਇਆ ਗਿਆ ਹੈ ਜਿਨ੍ਹਾਂ ਦਾ ਇੱਕ ਵਫ਼ਦ ਪਿੰਡ ਦੇ ਮੋਹਤਬਰਾਂ ਨਾਲ ਐੱਸਐਸਪੀ ਬਟਾਲਾ ਨੂੰ ਮਿਲਿਆ ਅਤੇ ਨਸ਼ੇ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਲਈ ਇੱਕ ਮੰਗ ਪੱਤਰ ਦਿੱਤਾ। ਇਨ੍ਹਾਂ ਔਰਤਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲ ਤੋਂ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਪਿੰਡ ਦੇ ਨੌਜਵਾਨ ਇਸ ਦੇ ਚੁੰਗਲ ਵਿੱਚ ਫਸ ਰਹੇ ਹਨ।
ਉਨ੍ਹਾਂ ਐੱਸਐੱਸਪੀ ਅਸ਼ਵਿਨੀ ਗੋਟਿਆਲ ਨੂੰ ਦੱਸਿਆ ਕਿ ਲੰਘੇ ਦਿਨੀਂ ਉਨ੍ਹਾਂ ਨਸ਼ਾ ਵੇਚਣ ਵਾਲੇ ਚਾਰ ਵਿਅਕਤੀਆਂ ਨੂੰ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲੀਸ ਹਵਾਲੇ ਕੀਤਾ ਸੀ ਪਰ ਪੁਲੀਸ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਕੇ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਬਜਾਇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਐੱਸਐੱਸਪੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਚੜ੍ਹਦੀ ਕਲਾ ਗਰੁੱਪ ਦੀਆਂ ਮੈਂਬਰ ਪਰਮਿੰਦਰ ਕੌਰ, ਸਿਮਰਨਜੀਤ ਕੌਰ ਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਐੱਸਐਸਪੀ ਨੂੰ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਨਾਮ ਵੀ ਦੱਸੇ ਹਨ ਅਤੇ ਤੁਰੰਤ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦੇ ਨਾਲ ਆਪਣੀ ਜਾਨ-ਮਾਲ ਦੀ ਰਾਖੀ ਦੀ ਮੰਗ ਕੀਤੀ।
ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤੇ: ਐੱਸਪੀ
ਐੱਸਪੀ ਹੈੱਡਕੁਆਰਟਰ ਜਸਵੰਤ ਕੌਰ ਨੇ ਦੱਸਿਆ ਕਿ ਬਸੰਤਕੋਟ ਵਾਸੀਆਂ ਨੇ ਨਸ਼ਾ ਵੇਚਣ ਵਾਲੇ ਜੋ ਮੁਲਜ਼ਮ ਗ੍ਰਿਫ਼ਤਾਰ ਕਰਵਾਏ ਸਨ, ਪੁਲੀਸ ਨੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਆਪਣਾ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ’ਤੇ ਕਾਬੂ ਪਾਇਆ ਜਾ ਸਕਦਾ।