ਸਿਹਤ ਮੰਤਰੀ ਵੱਲੋਂ ਸੁਪਰਡੈਂਟਾਂ ਤੇ ਐੱਸਐੱਮਓਜ਼ ਨਾਲ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਫਰਵਰੀ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ‘ਆਮ ਆਦਮੀ ਕਲੀਨਿਕਾਂ’ ਵਿੱਚ (ਓਪੀਡੀ) ਦਾ ਮਰੀਜ਼ਾਂ ਦਾ ਅੰਕੜਾ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ ਇੱਕ ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।’’
ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ, ਜਿਨ੍ਹਾਂ ਵਿੱਚ ਮੁਫ਼ਤ ਇਲਾਜ ਦੇ ਨਾਲ-ਨਾਲ 80 ਕਿਸਮ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਮੰਤਰੀ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐੱਸਐੱਮਓ) ਨਾਲ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐੱਮਡੀ ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ) ਦੇ ਐੱਮਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੀਐੱਚਐੱਸਸੀ ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ।