ਜ਼ਿਲ੍ਹਾ ਅਬਜ਼ਰਵਰ ਵੱਲੋਂ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ
ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਅਕਤੂਬਰ
ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ 15 ਅਕਤੂਬਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਦਿਨ ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਲੁਧਿਆਣਾ ਦੇ ਚੋਣ ਅਬਜ਼ਰਵਰ ਅਰਵਿੰਦਰ ਪਾਲ ਸਿੰਘ ਸੰਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਲੁਧਿਆਣਾ ਲਈ ਅਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਬੱਚਤ ਭਵਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੋਣ ਅਮਲੇ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ। ਅਬਜ਼ਰਵਰ ਸ੍ਰੀ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ਤੇ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੋਲਿੰਗ ਪਾਰਟੀਆਂ, ਸੁਰੱਖਿਆ ਮੁਲਾਜ਼ਮਾਂ ਨੂੰ ਪੋਲਿੰਗ ਬੂਥਾਂ ’ਤੇ ਰਵਾਨਾ ਕਰਨ ਅਤੇ ਬੈਲਟ ਪੇਪਰ ਆਦਿ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਵੋਟਰ ਸੁਚਾਰੂ ਅਤੇ ਨਿਰਵਿਘਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਪੋਲਿੰਗ ਪਾਰਟੀਆਂ ਨੂੰ ਇਸ ਪ੍ਰਕਿਰਿਆ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਸ੍ਰੀ ਸੰਧੂ ਨੇ ਕਿਹਾ ਕਿ ਪੰਚਾਇਤੀ ਚੋਣ ਸਬੰਧੀ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਲਈ ਉਹਨਾਂ (ਅਬਜ਼ਰਵਰ) ਨਾਲ 77430-12314 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹ ਅੰਤਰਰਾਸ਼ਟਰੀ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਠਹਿਰੇ ਹੋਏ ਹਨ।