ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜੁਲਾਈ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਦਾ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਇਸ ਸਕੀਮ ਦਾ ਲਾਭ ਉਠਾਉਣ ਲਈ 31 ਜੁਲਾਈ ਆਖਰੀ ਤਾਰੀਕ ਨਿਰਧਾਰਿਤ ਕੀਤੀ ਗਈ ਸੀ ਪਰ ਹੁਣ ਸਰਕਾਰ ਨੇ ਇਸ ਯੋਜਨਾ ਨੂੰ 16 ਅਗਸਤ ਤੱਕ ਵਧਾ ਦਿੱਤਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਚੰਡੀਗੜ੍ਹ ਦੇ ਚੇਅਰਮੈਨ ਅਨਿਲ ਠਾਕੁਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਆਪਣੇ ਟੈਕਸਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਇਸ ਯੋਜਨਾ ਦਾ ਲਾਭ ਲੈਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਖਾਸ ਤੌਰ ’ਤੇ 1 ਕਰੋੜ ਤੱਕ ਦੀ ਕੁੱਲ ਮੰਗ ਵਾਲੇ ਕੇਸਾਂ ਲਈ ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਸੀ ਜੋ ਕਿ ਹੁਣ 16 ਅਗਸਤ ਤੱਕ ਲਾਗੂ ਰਹਿਣ ਵਾਲੀ ਲਾਹੇਵੰਦ ਯੋਜਨਾ ਹੈ। ਮੀਟਿੰਗ ਵਿੱਚ ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਜੀਐੱਸਟੀ ਦੀਆਂ ਚੁਣੌਤੀਆਂ ਸਮੇਤ ਹੋਰ ਮੁਸ਼ਕਿਲਾਂ ਤੇ ਟੈਕਸ ਚੋਰੀ ਦਾ ਮੁਕਾਬਲਾ ਕਰਨ ਲਈ ਰਣਨੀਤੀ ’ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਰਾਜ ਕਰ) ਸੁਨੀਤਾ ਬੱਤਰਾ, ਰਾਜ ਕਰ ਅਫ਼ਸਰ, ਆਬਕਾਰੀ ਅਫ਼ਸਰ, ਐਸੋਸੀਏਸ਼ਨ ਆਫ ਇੰਡਸਟਰੀਜ਼ ਐਂਡ ਟਰੇਡਰਜ਼ ਸੰਗਰੂਰ, ਜ਼ਿਲ੍ਹਾ ਸੰਗਰੂਰ ਦੇ ਉਦਯੋਗਪਤੀ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।