ਮੁੱਖ ਮੰਤਰੀ ਵੱਲੋਂ ਬਠਿੰਡਾ ਅਤੇ ਫ਼ਰੀਦਕੋਟ ਦੇ ਆਗੂਆਂ ਨਾਲ ਮੀਟਿੰਗ
ਆਤਿਸ਼ ਗੁਪਤਾ
ਚੰਡੀਗੜ੍ਹ, 8 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 10 ’ਤੇ ਹੋਈ ਹਾਰ ਲਈ ਚਿੰਤਨ ਕੀਤਾ ਜਾ ਰਿਹਾ ਹੈ। ਇੱਥੇ ਉਨ੍ਹਾਂ ਆਪਣੀ ਰਿਹਾਇਸ਼ ’ਤੇ ਲੋਕ ਸਭਾ ਹਲਕਾ ਬਠਿੰਡਾ ਅਤੇ ਫ਼ਰੀਦਕੋਟ ਦੇ ਉਮੀਦਵਾਰਾਂ, ਵਿਧਾਇਕਾਂ, ਚੇਅਰਮੈਨਾਂ ਤੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ‘ਘਰ-ਘਰ ਰਾਸ਼ਨ’ ਸਕੀਮ ’ਚ ਲੋਕਾਂ ਦੇ ਕਾਰਡ ਕੱਟੇ ਜਾਣਾ ਵੀ ਹਾਰ ਦਾ ਵੱਡਾ ਕਾਰਨ ਬਣਿਆ ਹੈ। ਬਠਿੰਡਾ ਦੇ ਵਿਧਾਇਕਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਬਠਿੰਡਾ ਵਿੱਚ ਆਪਣੀ ਸਾਖ਼ ਬਚਾਉਣ ਲਈ ਪੂਰਾ ਧਿਆਨ ਇੱਕੋਂ ਥਾਂ ’ਤੇ ਕੇਂਦਰਿਤ ਕੀਤਾ ਹੋਇਆ ਸੀ। ਇਸੇ ਕਾਰਨ ਬਠਿੰਡਾ ਵਿੱਚ ‘ਆਪ’ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਜਦੋਂਕਿ ਲੋਕ ਸਭਾ ਹਲਕਾ ਫ਼ਰੀਦਕੋਟ ਵਿੱਚ ਹਾਰ ਦੇ ਕਾਰਨਾਂ ਨੂੰ ਵਿਚਾਰਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਲੋਕ ਸਭਾ ਹਲਕਾ ਬਠਿੰਡਾ ਤੇ ਫ਼ਰੀਦਕੋਟ ਦੇ ਵਿਧਾਇਕਾਂ ਨੂੰ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਸਾਰੇ ਵਿਧਾਇਕਾਂ, ਚੇਅਰਮੈਨਾਂ ਤੇ ਹੋਰ ਆਗੂਆਂ ਨੂੰ ਚੰਗਾ ਕੰਮ ਕਰਦੇ ਰਹਿਣ ਅਤੇ ਜ਼ਮੀਨੀ ਪੱਧਰ ’ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੂਬੇ ’ਚ ਆਗਾਮੀ ਜ਼ਿਮਨੀ ਤੇ ਪੰਚਾਇਤੀ ਚੋਣਾਂ ਲਈ ਤਿਆਰੀਆਂ ਵਿੱਢਣ ਦੀ ਅਪੀਲ ਕੀਤੀ। ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ, ਹਲਕਾ ਫ਼ਰੀਦਕੋਟ ਦੇ ਉਮੀਦਵਾਰ ਕਰਮਜੀਤ ਅਨਮੋਲ ਅਤੇ ਹਲਕਾ ਬਠਿੰਡਾ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।