ਮੈਗਾ ਪੀਟੀਐੱਮ: ਮੁਹਾਲੀ ਦੇ ਸਕੂਲਾਂ ਵਿੱਚ ਤਿੰਨ ਕੈਬਨਿਟ ਮੰਤਰੀ ਪੁੱਜੇ
ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 22 ਅਕਤੂਬਰ
ਮੁਹਾਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ (ਮਾਪੇ ਅਧਿਆਪਕ ਮਿਲਣੀ) ਦੌਰਾਨ ਤਿੰਨ ਕੈਬਨਿਟ ਮੰਤਰੀਆਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਸਿੱਧੀ ਗੱਲ ਕੀਤੀ ਅਤੇ ਇਸ ਪਹਿਲਕਦਮੀ ਨੂੰ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ‘ਆਪ’ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਦਾ ਦੌਰਾ ਕਰ ਕੇ ਇਸ ਮੁਹਿੰਮ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਕੂਲ ਆਫ਼ ਐਮੀਨੈਂਸ ਫੇਜ਼-3ਬੀ-1 ਵਿੱਚ ਹੋਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਹਿੱਸਾ ਬਣੇ। ਇੰਜ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਵਿੱਚ ਸ਼ਿਰਕਤ ਕੀਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਹੈ।
ਅਮਲੋਹ (ਰਾਮ ਸਰਨ ਸੂਦ): ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਕੂਲ ਆਫ ਐਮੀਨੈਂਸ ਅਮਲੋਹ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਦੌਰਾਨ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਦੇ ਬਾਵਜੂਦ ਕੇਂਦਰ ਵੱਲੋਂ ਪੰਜਾਬ ਵਿੱਚੋਂ ਫ਼ਸਲ ਨਹੀਂ ਚੁੱਕੀ ਜਾ ਰਹੀ। ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਮੁਸਕਲਾਂ ਹੱਲ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਖੜ੍ਹੀ ਹੈ। ਇਸ ਮੌਕੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਤੇ ਹੋਰ ਹਾਜ਼ਰ ਸਨ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਗੋਇਲ ਨੇ ਇੱਥੇ ਸਕੂਲ ਆਫ ਐਮੀਨੈਂਸ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਪੁੱਜੇ ਹੋਏ ਸਨ। ਸ੍ਰੀ ਗੋਇਲ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਸ਼ਖ਼ਸੀਅਤਾਂ ਮਿਲ ਬੈਠ ਕੇ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਚਾਰਾਂ ਕਰਦਿਆਂ ਬੱਚਿਆਂ ਦੀ ਫੀਡਬੈਕ ਹਾਸਲ ਕਰੇ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਜੋਤੀ ਸੋਨੀ, ਪ੍ਰਬੰਧਕ ਕਮੇਟੀ ਤੇ ਹੋਰ ਹਾਜ਼ਰ ਸਨ।
ਲਾਲੜੂ (ਸਰਬਜੀਤ ਸਿੰਘ ਭੱਟੀ): ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਮੈਗਾ ਪੀਟੀਐੱਮ ਬੁਲਾਈ ਗਈ। ਇਸ ਵਿੱਚ ਮਾਪਿਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਾਂਝੀ ਕੀਤੀ ਗਈ। ਇਸ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਸਾਰੇ ਮਾਪੇ ਆਪਣੇ ਬੱਚਿਆਂ ਨਾਲ ਸਕੂਲਾਂ ਵਿੱਚ ਜ਼ਰੂਰ ਜਾਇਆ ਕਰਨ, ਆਪਣੇ ਬੱਚਿਆਂ ਦੀ ਤਰੱਕੀ ਬਾਰੇ ਅਧਿਆਪਕਾਂ ਨਾਲ ਗੱਲ ਕਰਨ ਅਤੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਭਾਗੀਦਾਰ ਬਣਨ। ਇਸ ਮੌਕੇ ਸਕੂਲ ‘ਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ।
ਨੌਜਵਾਨਾਂ ਦਾ ਪਰਵਾਸ ਰੋਕਣ ਲਈ ਅੱਗੇ ਆਉਣ ਅਧਿਆਪਕ: ਖੁੱਡੀਆਂ
ਖਰੜ (ਸ਼ਸ਼ੀ ਪਾਲ ਜੈਨ): ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ’ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਇ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਮੰਤਰੀ ਨੇ ਮੰਗਲਵਾਰ ਨੂੰ ਖਰੜ ਦੇ ਪਿੰਡ ਮਜਾਤੜੀ ਵਿੱਚ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਈ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਖੁੱਡੀਆਂ ਨੇ ਸਕੂਲ ਦਾ ਦੌਰਾ ਕਰਨ ਦੇ ਨਾਲ-ਨਾਲ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ।
ਨਵੀਆਂ ਪੰਚਾਇਤਾਂ ਨੇ ਉਤਸ਼ਾਹ ਨਾਲ ਕੀਤੀ ਸ਼ਿਰਕਤ
ਬਨੂੜ (ਕਰਮਜੀਤ ਸਿੰਘ ਚਿੱਲਾ): ਇਸ ਖੇਤਰ ਦੇ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਹੋਈ। ਪਿੰਡਾਂ ਦੇ ਸਮੁੱਚੇ ਸਕੂਲਾਂ ਵਿੱਚ ਨਵੀਆਂ ਬਣੀਆਂ ਪੰਚਾਇਤਾਂ ਨੇ ਵੀ ਬਹੁਤ ਉਤਸ਼ਾਹ ਨਾਲ ਇਨ੍ਹਾਂ ਮਿਲਣੀਆਂ ਵਿੱਚ ਹਿੱਸਾ ਲਿਆ। ਸਕੂਲਾਂ ਦੇ ਮੁਖੀਆਂ ਨੇ ਨਵੀਆਂ ਪੰਚਾਇਤਾਂ ਦਾ ਸਵਾਗਤ ਕਰਦਿਆਂ ਸਕੂਲਾਂ ਦੀਆਂ ਮੁਸ਼ਕਲਾਂ ਦੱਸੀਆਂ। ਬਨੂੜ ਦੇ ਸਕੂਲ ਆਫ ਐਮੀਨੈਂਸ ਵਿੱਚ ਪ੍ਰਿੰਸੀਪਲ ਅਨੀਤਾ ਭਾਰਦਵਾਜ ਦੀ ਅਗਵਾਈ ਹੇਠ ਪੀਟੀਐਮ ਹੋਈ। ਇਸ ਮੌਕੇ ਐਸਐਮਸੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਕਰਾਲੀ ਦੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਵਿੱਚ ਹੋਈ ਮੀਟਿੰਗ ਵਿੱਚ ਸਰਪੰਚ ਠੇਕੇਦਾਰ ਪੱਪੀ ਕਰਾਲੀ ਵੀ ਸ਼ਾਮਲ ਹੋਏ। ਸਕੂਲ ਦੀ ਮੁੱਖ ਅਧਿਆਪਕਾ ਗੁਰਮੀਤ ਕੌਰ, ਮੁੱਖ ਅਧਿਆਪਕਾ ਸ਼ੁਭਮ ਬਾਵਾ ਤੇ ਹੋਰਨਾਂ ਨੇ ਪੰਚਾਇਤ ਦਾ ਸਵਾਗਤ ਕੀਤਾ। ਛੜਬੜ੍ਹ ਦੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਮੁਖੀ ਰਾਕੇਸ਼ ਕੰਬੋਜ ਦੀ ਅਗਵਾਈ ਹੇਠ ਮੀਟਿੰਗ ’ਚ ਸਰਪੰਚ ਹਰਮਿੰਦਰ ਸਿੰਘ ਤੇ ਪੰਚਾਇਤ ਨੇ ਹਿੱਸਾ ਲਿਆ।