ਸੰਸਦ ਮੈਂਬਰ ਅਮਰ ਸਿੰਘ ਵੱਲੋਂ ਕੇਂਦਰੀ ਖੁਰਾਕ ਸਕੱਤਰ ਨਾਲ ਮੁਲਾਕਾਤ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਅਕਤੂਬਰ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਐੱਮਪੀ ਡਾ. ਅਮਰ ਸਿੰਘ ਨੇ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਅਨਾਜ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਦੇ ਗੁਦਾਮ ਪਿਛਲੇ ਸਾਲ ਦੇ ਅਨਾਜ ਨਾਲ ਭਰੇ ਪਏ ਹਨ ਅਤੇ ਹੁਣ ਨਵੇਂ ਝੋਨੇ ਦੀ ਆਮਦ ਮਗਰੋਂ ਚਾਵਲ ਲਗਾਉਣ ਲਈ ਜਗ੍ਹਾ ਨਹੀਂ ਹੈ। ਇਸ ਕਾਰਨ ਸ਼ੈੱਲਰ ਮਾਲਕਾਂ ਵੱਲੋਂ ਮੰਡੀਆਂ ’ਚੋਂ ਝੋਨਾ ਨਹੀਂ ਚੁੱਕਿਆ ਜਾ ਰਿਹਾ ਜਿਸ ਕਾਰਨ ਸੂਬੇ ਦਾ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੀਆਂ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਉਨ੍ਹਾਂ ਕੋਲੋਂ ਕਿਸਾਨਾਂ ਦੀ ਹਾਲਤ ਦੇਖੀ ਨਾ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਸਲ ਦੀ ਸਰਕਾਰੀ ਖਰੀਦ ਹਮੇਸ਼ਾ ਕੇਂਦਰ ਤੇ ਪੰਜਾਬ ਸਰਕਾਰ ਦੀ ਸਾਂਝੀ ਕੋਸ਼ਿਸ਼ ਸਦਕਾ ਹੀ ਨੇਪਰੇ ਚੜ੍ਹਦੀ ਹੈ ਪਰ ਅੱਜ ਕਿਸਾਨਾਂ ਦੇ ਮਾੜੇ ਹਾਲਾਤ ਦੇਖ ਕੇ ਇੰਝ ਲੱਗਦਾ ਹੈ ਕਿ ਸਰਕਾਰਾਂ ਆਪਣੀਆਂ ਯੋਜਨਾਬੰਦੀ ਵਿੱਚ ਬੁਰੀ ਤਰ੍ਹਾਂ ਅਸਫ਼ਲ ਹੋਈਆਂ ਹਨ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਕਿਸਾਨ ਮੰਡੀਆਂ ਵਿੱਚ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੈੱਲਰ ਮਾਲਕ ਗੁਦਾਮਾਂ ਵਿੱਚ ਜਗ੍ਹਾ ਨਾ ਹੋਣ ਕਾਰਨ ਨਵਾਂ ਝੋਨਾ ਚੁੱਕਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੇਜ਼ੀ ਨਾਲ ਪੰਜਾਬ ਦੇ ਗੁਦਾਮਾਂ ਵਿੱਚੋਂ ਪਿਛਲੇ ਸਾਲ ਦਾ ਅਨਾਜ ਚੁੱਕੇ ਤਾਂ ਜੋ ਕਿਸਾਨਾਂ ਦੀ ਇਸ ਸਾਲ ਦੀ ਫਸਲ ਮੰਡੀਆਂ ਵਿੱਚ ਵਿਕ ਸਕੇ।