ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਜਨਤਕ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਜਨਵਰੀ
ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਅੱਜ ਆਪਣੇ ਨਿਵਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੰਸਦ ਮੈਂਬਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕੰਮ ਕੀਤਾ ਹੈ ਅਤੇ ਪੂਰੇ ਸੂਬੇ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਰਿਵਾਰ ਪਛਾਣ ਪੱਤਰ ਰਾਹੀਂ ਸਰਕਾਰ ਵੱਲੋਂ ਲਾਗੂ ਕੀਤੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸੇ ਤਰ੍ਹਾਂ ਸੂਬੇ ਵਿੱਚ ਬੀਪੀਐੱਲ ਪਰਿਵਾਰਾਂ ਨੂੰ ਰਾਸ਼ਨ ਕਾਰਡ, ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਸਕੀਮਾਂ ਦਾ ਲਾਭ ਆਸਾਨੀ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਿਅਕਤੀ ਦੇ ਸੁੱਖ-ਦੁੱਖ ਦਾ ਖਿਆਲ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਗ਼ਰੀਬਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।