ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਲਈ ‘ਯੈਲੋ ਅਲਰਟ’ ਜਾਰੀ
ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਗਰਮੀ ਤੋਂ ਤਿੰਨ-ਚਾਰ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਗਰਮੀ ਵਧਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਗਰਮੀ ਕਰਕੇ ਜ਼ਿਆਦਾ ਲੋੜ ਪੈਣ ’ਤੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਦੇ ਬਰਾਬਰ ਰਿਹਾ। ਮੌਸਮ ਵਿਭਾਗ ਨੇ ਪੂਰਾ ਹਫ਼ਤਾ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10, 11, 12 ਅਤੇ 13 ਜੂਨ ਤੱਕ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਸੀ ਜਿਸ ਕਰਕੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਸੀ। ਉਸ ਤੋਂ ਬਾਅਦ ਪਿਛਲੇ ਤਿੰਨ-ਚਾਰ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਸੀ। ਇਸ ਦੌਰਾਨ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਰਿਹਾ ਪਰ ਹੁਣ ਮੁੜ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਅੱਜ ਦੁਪਹਿਰੇ ਸੁੰਨ ਪੱਸਰੀ ਰਹੀ ਅਤੇ ਬਾਜ਼ਾਰ ਵੀ ਖਾਲੀ ਰਹੇ।
ਅਤਿ ਦੀ ਗਰਮੀ ਕਰਕੇ ਸਮਾਜ ਸੇਵੀ ਜਥੇਬੰਦੀਆਂ ਤੇ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਲਗਾਈ ਜਾ ਰਹੀਆਂ ਹਨ। ਇਹ ਛਬੀਲਾਂ ਲੋਕਾਂ ਲਈ ਵਰਦਾਨ ਬਣ ਰਹੀਆਂ ਹਨ। ਅੱਜ ਸ਼ਹਿਰ ਦੇ ਟ੍ਰਿਬਿਊਨ ਚੌਕ, ਸੈਕਟਰ-27, 28 ਅਤੇ 15 ਸਣੇ ਹੋਰ ਵੀ ਕਈ ਥਾਵਾਂ ’ਤੇ ਛਬੀਲਾਂ ਲਾਈਆਂ ਗਈਆਂ।
ਸੁਖਨਾ ਝੀਲ ਤੇ ਰੋਜ਼ ਗਾਰਡਨ ਵਿੱਚ ਵੀ ਸੈਲਾਨੀ ਘਟੇ
ਗਰਮੀ ਕਰ ਕੇ ਸੁਖਨਾ ਝੀਲ ਅਤੇ ਰੋਜ਼ ਗਾਰਡਨ ਵਰਗੀਆਂ ਘੁੰਮਣ-ਫਿਰਨ ਵਾਲੀਆਂ ਥਾਵਾਂ ’ਤੇ ਵੀ ਰੌਣਕ ਘੱਟ ਦਿਖਾਈ ਦੇ ਰਹੀ ਹੈ। ਇਨ੍ਹਾਂ ਥਾਵਾਂ ’ਤੇ ਸਵੇਰੇ ਅਤੇ ਸ਼ਾਮ ਨੂੰ ਹੀ ਸੈਲਾਨੀ ਪਹੁੰਚਦੇ ਹਨ। ਮੌਸਮ ਵਿਗਿਆਨੀਆਂ ਵੱਲੋਂ ਗਰਮੀ ਵਧਣ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰਮੀ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਬਾਹਰ ਘੱਟ ਨਿਕਲਿਆ ਜਾਵੇ। ਇਸ ਤੋਂ ਇਲਾਵਾ ਵਾਰ-ਵਾਰ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ।