ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਟਰੋ ਪ੍ਰਾਜੈਕਟ: ਕਟਾਰੀਆ ਦੀ ਅਗਵਾਈ ’ਚ ਅਧਿਕਾਰੀਆਂ ਦੀ ਮੀਟਿੰਗ

07:03 AM Sep 03, 2024 IST
ਮੀਟਿੰਗ ਦੀ ਅਗਵਾਈ ਕਰਦੇ ਹੋਏ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਟ੍ਰਾਈਸਿਟੀ ਨੂੰ ਆਵਾਜਾਈ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਮੈਟਰੋ ਸ਼ੁਰੂ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ, ਪਰ ਟ੍ਰਾਈਸਿਟੀ ਵਿੱਚ ਮੈਟਰੋ ਪ੍ਰਾਜੈਕਟ ਸ਼ੁਰੂ ਕਰਨ ਵਿੱਚ ਦੇਰੀ ਹੋ ਸਕਦੀ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਟ੍ਰਾਈ ਸਿਟੀ ਵਿੱਚ ਮੈਟਰੋ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਸਮਾਨ ਆਕਾਰ ਦੇ ਸ਼ਹਿਰਾਂ ਵਿੱਚ ਮੈਟਰੋ ਪ੍ਰਾਜੈਕਟ ਦੀ ਵਿੱਤੀ ਸਥਿਤੀ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਸ੍ਰੀ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਯੂਨੀਫਾਈਡ ਮੈਟਰੋਪੋਲੀਟਨ ਟਰਾਂਸਪੋਰਟ ਅਥਾਰਟੀ (ਯੂਐੱਮਟੀਏ) ਦੀ ਮੀਟਿੰਗ ਕਰਦਿਆਂ ਦਿੱਤੇ ਹਨ। ਪ੍ਰਸ਼ਾਸਕ ਨੇ ਮੈਟਰੋ ਪ੍ਰਾਜੈਕਟ ਲਈ ਅਗਲੀ ਮੀਟਿੰਗ ਵਿੱਚ ਵਿੱਤੀ ਸਥਿਤੀ ਦੀ ਰਿਪੋਰਟ ਪੇਸ਼ ਕਰਨ ਬਾਰੇ ਕਿਹਾ ਹੈ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਦੀ ਅਗਵਾਈ ਹੇਠ ਟ੍ਰਾਈ ਸਿਟੀ ਲਈ ਦੋ ਪੜਾਵਾਂ ਵਿੱਚ ਤਿਆਰ ਕੀਤੇ ਜਾਣ ਵਾਲੇ 154.5 ਕਿਲੋਮੀਟਰ ਲੰਬੀ ਮੈਟਰੋ ਰੇਲ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 85.65 ਕਿਲੋਮੀਟਰ ਇਲਾਕੇ ਵਿੱਚ ਮੈਟਰੋ ਰੇਲ ਲਈ ਰੂਟ ਤਿਆਰ ਕੀਤਾ ਜਾਵੇਗਾ। ਇਸ ਵਿੱਚ 16.5 ਕਿਲੋਮੀਟਰ ਰੂਟ ਹੈਰੀਟੇਜ ਇਲਾਕੇ ਵਿੱਚ ਹੋਣ ਕਰ ਕੇ ਜ਼ਮੀਨਦੋਜ਼ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸਾਲ 2032 ਤੱਕ ਪਹਿਲੇ ਪੜਾਅ ਦਾ ਕੰਮ ਮੁਕੰਮਲ ਹੋਣ ਦੀ ਤਜਵੀਜ਼ ਤਿਆਰ ਕੀਤੀ ਗਈ ਹੈ।
ਇਸ ਮੀਟਿੰਗ ਦੌਰਾਨ ਸ਼ਹਿਰ ਵਿੱਚੋਂ ਆਵਾਜਾਈ ਸਮੱਸਿਆ ਦੇ ਨਿਬੇੜੇ ਲਈ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਲਈ ਛੋਟਾ ਤੇ ਬਦਲਵਾਂ ਰੂਟ ਤਿਆਰ ਕਰਨ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਰਿੰਗ ਰੋਡ ਬਣਾਉਣ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਵੀ ਮੌਜੂਦ ਰਹੇ। ਉਨ੍ਹਾਂ ਯੂਟੀ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਤੇ ਹਰਿਆਣਾ ਦੇ ਨਾਲ-ਨਾਲ ਯੂਟੀ ਪ੍ਰਸ਼ਾਸਨ ਦੇ ਵੀ ਵੱਡੀ ਗਿਣਤੀ ਵਿੱਚ ਅਧਿਕਾਰੀ ਮੌਜੂਦ ਰਹੇ।

Advertisement

Advertisement