ਮੰਤਰੀ ਖੁੱਡੀਆਂ ਵੱਲੋਂ ਜਲੰਧਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਪਾਲ ਸਿੰਘ ਨੌਲੀ
ਜਲੰਧਰ, 21 ਜੁਲਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੱਕਰਵਾਰ ਦੀ ਸ਼ਾਮ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾ ਰਹੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਆਉਂਦੇ ਕੁਝ ਦਨਿਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਮੌਜੂਦਾ ਸਥਿਤੀ ਤੋਂ ਰਾਹਤ ਦਿਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡਾਲਾ ਪਿੰਡ ਦਾ ਧੁੱਸੀ ਬੰਨ੍ਹ ਮਹਿਜ਼ ਪੰਜ ਦਨਿਾਂ ਵਿੱਚ ਬੰਨ੍ਹ ਕੇ 50 ਪਿੰਡਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਨੌਜਵਾਨਾਂ ਨੇ ਮੋਹਰੀ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ, ਘਰਾਂ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਝੋਨੇ ਦਾ ਬੀਜ ਪੀ ਆਰ 126 ਅਤੇ 1509 ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 3600 ਕੁਇੰਟਲ ਬੀਜ ਕਿਸਾਨਾਂ ਨੂੰ ਦੇਣ ਲਈ ਮੁਫ਼ਤ ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਰਾਹੀ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਇਸ ਸਬੰਧੀ 77106-65725 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।
ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿਚ ਪੰਜਾਬ ਸਰਕਾਰ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ।