ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ਜਾਰੀ
ਜੋਗਿੰਦਰ ਸਿੰਘ ਮਾਨ
ਮਾਨਸਾ, 20 ਨਵੰਬਰ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ਦੇ ਕਲੈਰੀਕਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ 12ਵੇਂ ਦਿਨ ਵੀ ਜਾਰੀ ਰਹੀ। ਸਮੂਹ ਦਫ਼ਤਰੀ ਬਾਬੂਆਂ ਵੱਲੋਂ ਆਪਣਾ ਸਮੁੱਚਾ ਕੰਮ-ਕਾਜ ਠੱਪ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਦਫ਼ਤਰਾਂ ਵਿੱਚ ਕਾਮਿਆਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਕਰਮਚਾਰੀਆਂ ਦੀਆਂ ਸਾਲ 1972 ਦੇ ਰੂਲਾਂ ਅਨੁਸਾਰ ਪੁਰਾਣੀ ਪੈਨਸ਼ਨ ਹੂ ਬ ਹੂ ਲਾਗੂ ਕਰਨ, ਏ.ਸੀ.ਪੀ. ਸਕੀਮ ਦੀ ਬਹਾਲੀ ਕਰਨ, ਕੇਂਦਰੀ ਪੈਟਰਨ ’ਤੇ ਭਰਤੀ ਬੰਦ ਕਰਵਾਉਣ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ, 6ਵੇਂ ਪੇਅ-ਕਮਿਸ਼ਨ ਦਾ ਬਕਾਇਆ ਜਾਰੀ ਕਰਵਾਉਣ ਲਈ ਇਹ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਜਸਦੀਪ ਸਿੰਘ ਨੇ ਕਿਹਾ ਕਿ ਹੜਤਾਲ ਦੇ ਚੱਲਦਿਆਂ ਡੀ.ਸੀ ਦਫ਼ਤਰ ਸਮੇਤ ਹੋਰ ਸਰਕਾਰੀ ਦਫ਼ਤਰ ਵਿੱਚ ਲੋਕਾਂ ਦੇ ਕੰਮ ਨਹੀਂ ਹੋ ਰਹੇ ਹਨ। ਇੱਥੋਂ ਤੱਕ ਕਿ ਤਹਿਸੀਲ ਦਫ਼ਤਰਾਂ ਵਿੱਚ ਲੋਕਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋਈਆਂ ਅਤੇ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੈ।