ਫ਼ਰੀਦਕੋਟ ਵਿੱਚ ਵਿਧਾਇਕ, ਡੀਸੀ ਅਤੇ ਐੱਸਐੱਸਪੀ ਵੱਲੋਂ ਖ਼ਰੀਦ ਕੇਂਦਰਾਂ ਦਾ ਦੌਰਾ
ਸ਼ਗਨ ਕਟਾਰੀਆ/ਜਸਵੰਤ ਜੱਸ
ਜੈਤੋ/ਫ਼ਰੀਦਕੋਟ, 26 ਅਕਤੂਬਰ
ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਡੀਸੀ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਐੱਸਐੱਸਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਅੱਜ ਇੱਥੋਂ ਦੀ ਪ੍ਰਮੁੱਖ ਅਨਾਜ ਮੰਡੀ ਤੋਂ ਇਲਾਵਾ ਦਿਹਾਤੀ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸ਼ੈਲਰ ਮਾਲਕਾਂ ਨਾਲ ਗੱਲਬਾਤ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਖੁਲਾਸਾ ਕੀਤਾ ਕਿ ਉੱਚ ਅਧਿਕਾਰੀਆਂ ਨੇ ਤਾਲਮੇਲ ਰਾਹੀਂ ਝੋਨੇ ਦੀ ਖ਼ਰੀਦ, ਲਿਫਟਿੰਗ ਆਦਿ ਨਾਲ ਸਬੰਧਿਤ ਸਮੂਹ ਸਮੱਸਿਆਵਾਂ ਹੱਲ ਕਰ ਲਈਆਂ ਹਨ ਅਤੇ ਇੱਕ-ਦੋ ਦਿਨਾਂ ਵਿੱਚ ਲਿਫ਼ਟਿੰਗ ਦਾ ਕੰਮ ਹੋਰ ਤੇਜ਼ ਹੋ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਲਿਫਟਿੰਗ ਦੇ ਕੰਮ ਵਿੱਚ ਹੋ ਰਹੀ ਦਿੱਕਤ ਨੂੰ ਦੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 115 ਤੋਂ ਵੱਧ ਸ਼ੈਲਰਾਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਖਰੀਦੇ ਗਏ ਝੋਨੇ ਨੂੰ ਪੂਰੀ ਤਰ੍ਹਾਂ ਚੁੱਕ ਲਿਆ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਵਿੱਚ 2 ਲੱਖ 1 ਹਜ਼ਾਰ 56 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ 1 ਲੱਖ 61 ਹਜ਼ਾਰ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 257 ਕਰੋੜ ਰੁਪਏ ਦੇ ਕਰੀਬ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਐੱਸਐੱਸਪੀ ਡਾ. ਪ੍ਰੱਗਿਆ ਜੈਨ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਚੋਰੀ ਦੀਆਂ ਘਟਨਾਵਾਂ ਰੋਕਣ, ਅਮਨ-ਕਾਨੂੰਨ ਬਣਾਈ ਰੱਖਣ ਲਈ ਸਬੰਧਤ ਐਸੱਐੱਚਓ’ਜ਼ ਅਤੇ ਹੋਰ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
ਡੀਸੀ ਪੂਨਮਦੀਪ ਕੌਰ ਵੱਲੋਂ ਬਰਨਾਲਾ ਮੰਡੀ ਦਾ ਦੌਰਾ
ਬਰਨਾਲਾ (ਪਰਸ਼ੋਤਮ ਬੱਲੀ): ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਪ੍ਰਬੰਧਾਂ ਸਬੰਧੀ ਜ਼ਮੀਨੀ ਪੱਧਰ ’ਤੇ ਜਾਣਕਾਰੀ ਲੈਣ, ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਆਦਿ ਨਾਲ ਗੱਲਬਾਤ ਕਰਨ ਅਤੇ ਮੁਸ਼ਕਲਾਂ ਸੁਣਨ ਲਈ ਡੀਸੀ ਪੂਨਮਦੀਪ ਕੌਰ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਬਰਨਾਲਾ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਝੋਨਾ ਸੁਕਾ ਕੇ ਅਤੇ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ’ਚ ਕਿਸੇ ਵੀ ਤਰੀਕੇ ਦਾ ਕੱਟ ਨਹੀਂ ਲਗਾਇਆ ਜਾ ਰਿਹਾ ਅਤੇ ਇਸ ਸਬੰਧੀ ਅਫ਼ਵਾਹਾਂ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਦੇ ਖਾਤਿਆਂ ’ਚ ਅਦਾਇਗੀ ਸਿੱਧੇ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ ’ਚ 43000 ਐੱਮਟੀ ਝੋਨਾ ਖਰੀਦਿਆ ਜਾ ਚੁੱਕਾ ਹੈ ਜਿਸ ਵਿੱਚੋਂ 20000 ਐੱਮਟੀ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।