ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸੰਜੀਵ ਬੱਬੀ
ਚਮਕੌਰ ਸਾਹਬਿ, 16 ਜੁਲਾਈ
ਹਲਕਾ ਵਿਧਾੲਿਕ ਡਾ. ਚਰਨਜੀਤ ਸਿੰਘ ਵਲੋਂ ਇਥੋਂ ਦੇ ਪਿੰਡਾਂ ਦਾ ਦੌਰਾ ਕਰ ਕੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮੂਹ ਮੰਤਰੀਆਂ ਅਤੇ ਵਿਧਾਇਕਾ ਵਲੋਂ ਆਪੋ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਡਾ. ਚਰਨਜੀਤ ਸਿੰਘ ਨੇ ਕਸਬਾ ਬੇਲਾ, ਬਹਿਰਾਮਪੁਰ ਬੇਟ, ਪਿੰਡ ਮੱਕੋਵਾਲ ਅਤੇ ਸਿੰਘ ਭਗਵੰਤਪੁਰਾ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਜਲਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪਿੰਡ ਸਿੰਘ ਭਗਵੰਤਪੁਰ ਵਿਖੇ ਲੌੜਵੰਦਾਂ ਨੂੰ ਰਾਸ਼ਨ ਵੀ ਵੰਡਿਆ। ਇਸ ਦੇ ਨਾਲ ਹੀ ਹਲਕੇ ਦੀਆਂ ਟੁੱਟੀਆਂ ਸੜਕਾਂ ਦਾ ਵੀ ਮੁਆਇਨਾ ਕੀਤਾ ਗਿਆ ਤੇ ਇਨ੍ਹਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ। ਇਸ ਮੌਕੇ ਚੇਅਰਮੈਨ ਐਨ ਪੀ ਰਾਣਾ, ਗੁਰਨਾਮ ਸਿੰਘ, ਪਰਮਜੀਤ ਸਿੰਘ, ਮੋਹਨ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।