For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

08:06 AM Aug 08, 2024 IST
ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ।
Advertisement

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 7 ਅਗਸਤ
ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਇੱਥੋਂ ਦੇ ਬਾਬਾ ਬੂਟਾ ਭਗਤ ਯਾਦਗਾਰੀ ਹਾਲ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲਾਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਐੱਸਡੀਐੱਮ ਟਾਂਡਾ ਵਿਓਮ ਭਾਰਦਵਾਜ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਕਰੀਬ 25 ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਨੇ ਮੌਕੇ ’ਤੇ 200 ਤੋਂ ਵੱਧ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਵਿਧਾਇਕ ਰਾਜਾ ਨੇ ਸੂਬਾ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ, ਹਰਿਆ-ਭਰਿਆ ਅਤੇ ਹਰ ਪੱਖੋਂ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਰਾਜਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚੋਂ ਪਹੁੰਚੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣਕੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਹੱਲ ਕਰਨ ਲਈ ਕਿਹਾ। ਐੱਸਡੀਐੱਮ ਭਾਰਦਵਾਜ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਜਿਹੇ ਕੈਂਪ ਲਾਏ ਜਾਣਗੇ। ਇਸ ਮੌਕੇ ਪ੍ਰਾਪਤ ਹੋਈਆਂ 50 ’ਚੋਂ 42 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।
ਇਸ ਮੌਕੇ ਇੰਮਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਡੀਐੱਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਥਾਣਾ ਮੁਖੀ ਗੁਰਵਿੰਦਰਜੀਤ ਸਿੰਘ ਨਾਗਰਾ, ਡਾ. ਕਰਨ ਕੁਮਾਰ, ਬੀਡੀਪੀਓ ਰਾਜਵਿੰਦਰ ਕੌਰ, ਤਹਿਸੀਲਦਾਰ ਪ੍ਰਦੀਪ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕੇਸ਼ਵ ਸਿੰਘ ਸੈਣੀ ਅਤੇ ਸੁਰਿੰਦਰਜੀਤ ਸਿੰਘ ਬਿੱਲੂ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਗੋ ’ਚ ਵਿਸ਼ੇਸ਼ ਕੈਂਪ ਅੱਜ

ਜਲੰਧਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਦਰਪੇਸ਼ ਮੁਸ਼ਕਲਾਂ ਦੀ ਮੌਕੇ ’ਤੇ ਸੁਣਵਾਈ ਕਰ ਕੇ ਜਲਦ ਹੱਲ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਅਗਸਤ ਨੂੰ ਕਮਿਊਨਟੀ ਹਾਲ, ਭਾਰਗੋ ਕੈਂਪ, ਜਲੰਧਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਕਮਿਊਨਟੀ ਹਾਲ ਭਾਰਗੋ ਕੈਂਪ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਲਗਾਇਆ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਕੈਂਪ ਵਿੱਚ ਪੈਨਸ਼ਨ, ਐੱਸ.ਸੀ./ਬੀ.ਸੀ. ਸਰਟੀਫਿਕੇਟ ਆਦਿ ਬਣਾਉਣ ਦੇ ਨਾਲ-ਨਾਲ ਜ਼ਿਲ੍ਹਾ ਭਲਾਈ ਦਫ਼ਤਰ, ਜਲ ਸਪਲਾਈ ਤੇ ਸੀਵਰੇਜ, ਸਿਹਤ ਆਦਿ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। -ਪੱਤਰ ਪ੍ਰੇਰਕ

Advertisement

Advertisement
Author Image

Advertisement