ਵਿਧਾਇਕ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 7 ਅਗਸਤ
ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ।
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸੰਗਤਾਂ ਦੀ ਸਹੂਲਤਾਂ ਲਈ ਅਗੇਤੀਆਂ ਤਿਆਰੀਆਂ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕੰਮ ਪ੍ਰਗਤੀ ਅਧੀਨ ਹਨ ਅਤੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਕੋਟਲੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਭੋਗਪੁਰ (ਪੱਤਰ ਪ੍ਰੇਰਕ): ਸ਼ਹਿਰ ਦੇ ਬਾਜ਼ਾਰਾਂ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲੁੱਟਾਂ ਖੋਹਾਂ ਅਤੇ ਨਸ਼ਿਆਂ ਦੇ ਤਸਕਰਾਂ ਵਲੋਂ ਸ਼ਰ੍ਹੇਆਮ ਨਸ਼ਿਆਂ ਦੇ ਵਪਾਰ ਵਿੱਚ ਵਾਧਾ ਕਰਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਣ ਕਰਕੇ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਦਾਣਾ ਮੰਡੀ ਭੋਗਪੁਰ ਵਿੱਚ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨਾਲ ਮੀਟਿੰਗ ਕਰਕੇ ਪੈਦਾ ਹੋਏ ਅਰਾਜਕਤਾ ਵਰਗੇ ਮਾਹੌਲ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਕੀ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ। ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਫੋਨ ‘ਤੇ ਐਸਪੀ ਵਿਜੇ ਕੰਵਲ ਪ੍ਰਤਾਪ ਸਿੰਘ ਨਾਲ ਇਲਾਕੇ ਵਿੱਚ ਬਣੀ ਅਰਾਜਕਤਾ ਵਰਗੀ ਸਥਿਤੀ ਬਾਰੇ ਜਾਣੂ ਕਰਵਾਇਆ ਜਿਹਨਾਂ ਨੇ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਥਾਣਾ ਭੋਗਪੁਰ ਵਿੱਚ ਪੁਲੀਸ ਮੁਲਾਜ਼ਮਾਂ ਨਫਰੀ ਵਧਾਈ ਜਾ ਰਹੀ ਹੈ ਅਤੇ ਵੱਖ ਵੱਖ ਜਗ੍ਹਾ ‘ਤੇ ਪੁਲੀਸ ਨਾਕੇ ਲਗਾ ਕੇ ਸਮਾਜ ਵਿਰੋਧੀ ਅਨਸਰਾਂ ਛੇਤੀ ਹੀ ਕਾਬੂ ਕਰ ਲਏ ਜਾਣਗੇ।