ਵਿਧਾਇਕ ਵੱਲੋਂ ਨਿਗਮ ਕਮਿਸ਼ਨਰ ਤੇ ਅਧਿਕਾਰੀਆਂ ਨਾਲ ਮੀਟਿੰਗ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 30 ਨਵੰਬਰ
ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਨਿਗਮ ਅਧਿਕਾਰੀਆਂ ਨਾਲ ਪਿਛਲੀਆਂ ਮੀਟਿੰਗਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਹਾਜ਼ਰ ਨਿਗਰਾਨ ਇੰਜਨੀਅਰ ਸੰਦੀਪ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਿਛਲੀ ਮੀਟਿੰਗ ਵਿੱਚ ਦਿੱਤੇ ਗਏ 80 ਫੀਸਦੀ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ, ਬਾਕੀ ਰਹਿੰਦੇ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ। ਵਿਧਾਇਕ ਡਾ: ਗੁਪਤਾ ਨੇ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਕੇਰੋ ਮਾਰਕੀਟ ਵਿੱਚ ਬਣਾਏ ਜਾ ਰਹੇ ਆਧੁਨਿਕ ਪਾਰਕਿੰਗ ਸਟੈਂਡ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ।
ਨਿਗਮ ਦੇ ਐੱਮਐੱਚਓ ਡਾ. ਯੋਗੇਸ਼ ਅਰੋੜਾ ਅਤੇ ਮੈਡੀਕਲ ਅਫ਼ਸਰ ਡਾ. ਰਮਾ ਨੇ ਸਫ਼ਾਈ ਲਈ ਚੱਲ ਰਹੇ ਵਾਹਨਾਂ ਦੀ ਸੂਚੀ ਦਿੱਤੀ, ਜਿਸ ’ਤੇ ਵਿਧਾਇਕ ਨੇ ਤਸੱਲੀ ਪ੍ਰਗਟਾਈ।
ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਵਿਧਾਇਕ ਡਾ. ਗੁਪਤਾ ਵੱਲੋਂ ਦਿੱਤੇ ਗਏ ਵਿਕਾਸ ਕਾਰਜਾਂ ਨੂੰ ਸਬੰਧਤ ਨਿਗਮ ਅਧਿਕਾਰੀਆਂ ਨੇ ਨੋਟ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਮੁੜ ਵਿਧਾਇਕ ਡਾ. ਗੁਪਤਾ ਨਾਲ ਮੀਟਿੰਗ ਕੀਤੀ ਜਾਵੇਗੀ।
ਟਿਊਬਵੈਲ ਦਾ ਉਦਘਾਟਨ
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਭੱਦਰਕਾਲੀ ਇਲਾਕੇ ਵਿੱਚ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ 15 ਦਿਨਾਂ ਵਿੱਚ ਟਿਊਬਵੈਲ ਚਾਲੂ ਹੋਣ ਨਾਲ ਇਲਾਕੇ ਦੇ ਸਾਰੇ ਘਰਾਂ ਵਿੱਚ ਪੀਣ ਵਾਲਾ ਸ਼ੁੱਧ ਪਾਣੀ ਪਹੁੰਚ ਜਾਵੇਗਾ।