ਵਿਧਾਇਕ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਨਵੰਬਰ
ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਹਲਕਾ ਵਾਸੀਆਂ ਨੂੰ ਵੱਡੀ ਪੱਧਰ ’ਤੇ ਸਹੂਲਤ ਮੁਹੱਈਆ ਕਰਵਾਉਣ ਅਤੇ ਹਲਕੇ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸ਼ਿੰਗਾਰ ਸਿਨੇਮਾ ਨੇੜੇ ਨਗਰ ਨਿਗਮ ਜ਼ੋਨ ਬੀ ਦੇ ਦਫ਼ਤਰ ਵਿਖੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਫ਼ਾਈ ਨੂੰ ਯਕੀਨੀ ਬਣਾਉਣ, ਸੀਵਰ ਲਾਈਨਾਂ ਦੀ ਨਿਯਮਤ ਸਫ਼ਾਈ ਕਰਨ, ਟੁੱਟੇ ਮੈਨਹੋਲਾਂ ਦੇ ਢੱਕਣ ਬਦਲਣ, ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖਿਲਾਫ਼ ਕਾਰਵਾਈ, ਫੋਗਿੰਗ, ਸੜਕਾਂ ਦੀ ਮੁਰੰਮਤ ਆਦਿ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਸੈਕੰਡਰੀ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਸਾਫ਼ ਕੀਤੀਆਂ ਡੰਪ ਸਾਈਟਾਂ ਦੀਆਂ ਤਸਵੀਰਾਂ ਸਾਂਝੀਆਂ ਕਰਨ। ਜੇਕਰ ਠੇਕੇਦਾਰ ਰੋਜ਼ਾਨਾ ਆਧਾਰ ’ਤੇ ਡੰਪ ਸਾਈਟਾਂ ਦੀ ਸਫਾਈ ਕਰਨ ਵਿੱਚ ਅਸਫਲ ਰਿਹਾ ਤਾਂ ਜੁਰਮਾਨਾ ਲਗਾਇਆ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਸਾਰੇ ਵਾਰਡਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ। ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਅਚਨਚੇਤ ਨਿਰੀਖਣ ਵੀ ਕੀਤਾ ਜਾਵੇਗਾ। ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਅਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਲਾਈਨਾਂ ਦੇ ਵਾਰ-ਵਾਰ ਜਾਮ ਹੋਣ ਦੇ ਮਸਲੇ ਦੇ ਹੱਲ ਲਈ ਪੁਰਾਣੀ ਸੀਵਰ ਲਾਈਨ ਨੂੰ ਬਦਲਣ ਬਾਰੇ ਵੀ ਵਿਚਾਰ ਕੀਤਾ ਗਿਆ। ਵਿਧਾਇਕ ਨੇ ਅਧਿਕਾਰੀਆਂ ਨੂੰ ਖਰਾਬ ਸੜਕਾਂ ’ਤੇ ਵਧੀਆ ਕੁਆਲਿਟੀ ਦੇ ਪੈਚ ਵਰਕ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।