ਵਿਧਾਇਕ ਵੱਲੋਂ ਸ਼ੈਲਰ ਮਾਲਕਾਂ ਨਾਲ ਮੀਟਿੰਗ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਅਕਤੂਬਰ
ਮੰਡੀਆਂ ਵਿੱਚ ਝੋਨੇ ਦੀ ਢਿੱਲੀ ਖ਼ਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਹੱਲ ਕਰਨ ਦੇ ਮਕਸਦ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਬਾਜ਼ੀਗਰ ਨੇ ਕਿਹਾ ਕਿ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਕਰਕੇ ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼ੈਲਰ ਸਨਅਤ ਨੂੰ ਹੋਏ ਨੁਕਸਾਨ ਕਰਕੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਸਨਅਤ ਨੂੰ ਰਿਆਇਤਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਘਾਟੇ ਦਾ ਸ਼ਿਕਾਰ ਹੋਏ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਸਟੋਰੇਜ਼ ਕਰਕੇ ਸਮੱਸਿਆ ਨਾਲ ਜੂਝ ਰਹੀ ਸਰਕਾਰ ਦੇ ਹੱਕ ਵਿੱਚ ਖੜ੍ਹਨ ਲਈ ਪ੍ਰੇਰਿਤ ਕੀਤਾ ਗਿਆ। ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਵਿੱਤੀ ਘਾਟੇ ਨਾਲ ਜੂਝ ਰਹੀ ਸ਼ੈਲਰ ਸਨਅਤ ਨੂੰ ਪੈਰਾਂ ਸਿਰ ਖੜਾ ਕਰਨ ਲਈ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਸ਼ੈਲਰ ਨੂੰ 35 ਰੁਪਏ ਪ੍ਰਤੀ ਕੁਇੰਟਲ ਰੇਟ ਮਿਲ ਰਿਹਾ ਹੈ ਜਦੋਂਕਿ ਪੰਜਾਬ ਵਿੱਚ 10 ਰੁਪਏ ਪ੍ਰਤੀ ਕੁਇੰਟਲ ਹੈ। ਮੀਟਿੰਗ ਵਿੱਚ ਐੱਸਡੀਐਮ ਪਾਤੜਾਂ ਅਸ਼ੋਕ ਕੁਮਾਰ, ਤਹਿਸੀਲਦਾਰ ਪਾਤੜਾਂ ਹਰਮਨਦੀਪ ਸਿੰਘ, ਨਗਰ ਕੌਂਸਲ ਪਾਤੜਾਂ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਸੋਨੀ ਜਲੂਰ, ਖੁਰਾਕ ਸਪਲਾਈ ਅਧਿਕਾਰੀ ਗੁਰਜਿੰਦਰ ਸਿੰਘ, ਅੰਕਿਤ ਇੰਸਪੈਕਟਰ ਪਨਗ੍ਰੇਨ, ਗਗਨਪ੍ਰੀਤ ਸਿੰਘ ਇੰਸਪੈਕਟਰ ਮਾਰਕਫੈਡ, ਜਗਜੀਤ ਸਿੰਘ ਇੰਸਪੈਕਟਰ ਪਨਸਪ, ਮੋਹਿਤ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਪਾਤੜਾਂ ਸ਼ਾਮਲ ਹੋਏ।