ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੂਨ
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਮਨਸਾ ਦੇਵੀ ਮੰਦਰ ਵਿੱਚ ਲਗਾਏ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਵਿਧਾਇਕ ਵੱਲੋਂ ਸ਼ਹਿਰ ਦੇ ਵਾਰਡ ਨੰਬਰ 1, 2 , 3, 4 ਅਤੇ 7 ਵਿੱਚੋਂ ਆਪਣੀਆਂ ਸਮੱਸਿਆਵਾਂ ਲੈ ਕੇ ਪੁੱਜੇ ਲੋਕਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਕੈਂਪ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਕੈਂਪ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਸਾਰੇ ਹੀ ਵਾਰਡਾਂ ਦੇ ਨਿਵਾਸੀਆਂ ਦੀ ਭਲਾਈ ਲਈ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਐੱਸਡੀਐਮ ਨਵਰੀਤ ਕੌਰ ਸੇਖੋਂ , ਈਓ ਬਾਲਕ੍ਰਿਸ਼ਨ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪੀਐੱਸਪੀਸੀਐੱਲ ਅਧਿਕਾਰੀ, ਪੁਲੀਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਦੇਵੀਗੜ੍ਹ (ਪੱਤਰ ਪ੍ਰੇਰਕ): ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰਾਲੇ ਸਦਕਾ ਐੱਸਡੀਐੱਮ ਦੂਧਨਸਾਧਾਂ ਕ੍ਰਿਪਾਲਵੀਰ ਸਿੰਘ ਦੀ ਨਿਗਰਾਨੀ ਹੇਠ ਅੱਜ ਪਿੰਡ ਚਿੜਵੀ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਅਤੇ ਟਰੱਕ ਯੂਨੀਅਨ ਦੂਧਨਸਾਧਾਂ ਦੇ ਪ੍ਰਧਾਨ ਹਰਦੇਵ ਸਿੰਘ ਘੜਾਮ, ਸਾਹਿਬ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਤਹਿਸੀਲਦਾਰ ਵੀਨਾ ਰਾਣੀ, ਨਾਇਬ ਤਹਿਸੀਲਦਾਰ ਮਲਕੀਤ ਸਿੰਘ ਹਾਜ਼ਰ ਸਨ। ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਲੋਕਾਂ ਦੀਆਂ ਕਈ ਮੁਸ਼ਕਲਾਂ ਦਾ ਹੱਲ ਕੀਤਾ ਗਿਆ।