ਵਿਧਾਇਕ ਪਠਾਣਮਾਜਰਾ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਦੇਵੀਗੜ੍ਹ, 6 ਅਕਤੂਬਰ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਨਾਜ ਮੰਡੀ ਦੇਵੀਗੜ੍ਹ ’ਚ ਝੋਨੇ ਦੀ ਖ੍ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਖਰੀਦ, ਬਾਰਦਾਨੇ, ਪੇਮੈਂਟ ਅਤੇ ਲਿਫਟਿੰਗ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਵੀ ਨਾਲੋ ਨਾਲ ਮਿਲੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਇੱਕ ਵੀ ਰਾਤ ਗੁਜਾਰਨੀ ਨਹੀਂ ਪਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਝੋਨਾਂ ਮੰਡੀ ਵਿੱਚ ਸੁਕਾ ਕੇ ਲਿਆਉਣ ਤਾਂ ਕਿ ਮੰਡੀਆਂ ਵਿੱਚ ਬੋਰੀਆਂ ਦੇ ਅੰਬਾਰ ਨਾ ਲੱਗਣ। ਇਸ ਤੋਂ ਇਲਾਵਾ ਅੱਜ ਅਨਾਜ ਮੰਡੀ ਦੁਧਨਸਾਧਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਅਤੇ ਕਿਸਾਨਾਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਬੁਲਾਇਆ ਕਿ ਮੰਡੀਆ ਵਿੱਚ ਝੋਨਾ ਇਕੱਠਾ ਹੋ ਰਿਹਾ ਹੈ ਅਤੇ ਝੋਨੇ ਦੀ ਖਰੀਦ ਦਾ ਪ੍ਰਬੰਧ ਜਲਦ ਤੋਂ ਜਲਦ ਕਰਵਾਇਆ ਜਾਵੇ।