ਵਿਧਾਇਕ ਪਠਾਣਮਾਜਰਾ ਵੱਲੋਂ ਡਾ. ਬਲਬੀਰ ਸਿੰਘ ਦੇ ਹੱਕ ’ਚ ਮੀਟਿੰਗਾਂ
ਪੱਤਰ ਪ੍ਰੇਰਕ
ਦੇਵੀਗੜ੍ਹ, 15 ਮਈ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਹਲਕੇ ਦੇ ਦਰਜਨਾਂ ਪਿੰਡਾਂ ’ਚ ਮੀਟਿੰਗਾਂ ਕੀਤੀਆਂ। ਇਸ ਮੌਕੇ ਕਈ ਪਿੰਡਾਂ ਵਿੱਚ ਸੈਂਕੜੇ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵੀ ਹੋਏ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਪਿੰਡ ਚਪਰਾਹੜ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਸਮਾਂ ਲੰਘ ਚੁੱਕਾ ਹੈ ਜਦੋਂ ਲੋਕ ਕਾਂਗਰਸ ਅਤੇ ਅਕਾਲੀ ਦੱਲ ਦੇ ਝੂਠੇ ਲਾਰਿਆਂ ਵਿੱਚ ਆ ਕੇ ਉਨ੍ਹਾਂ ਨੂੰ ਵੋਟਾਂ ਪਾ ਦਿੰਦੇ ਸਨ ਪਰ ਇਸ ਵਾਰ ਲੋਕ ‘ਆਪ’ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਇਸ ਮੌਕੇ ਬਲਜੀਤ ਸਿੰਘ ਝੂੰਗੀਆਂ, ਅਮਨ ਚਪਰਾੜ, ਲੱਖੀ ਸਿੱਧੂ, ਜਗਤਾਰ ਸਿੰਘ, ਮਨਿੰਦਰ ਫਰਾਂਸਵਾਲਾ, ਅਜੈਬ ਸਿੰਘ, ਬਲਕਾਰ ਸਿੰਘ ਤੇ ਰਾਮ ਅਵਤਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ‘ਆਪ’ ਆਗੂ ਹਾਜ਼ਰ ਸਨ।