ਵਿਧਾਇਕ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 31 ਜੁਲਾਈ
ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੋਜ਼ਾ ਸ਼ਰੀਫ ਨਜ਼ਦੀਕ ਉਨ੍ਹਾਂ ਦੇ ਸ਼ਹੀਦੀ ਸਮਾਰਕ ’ਤੇ ਕਰਵਾਏ ਸ਼ਰਧਾਂਜਲੀ ਸਮਾਗਮ ’ਚ ਸ਼ਹੀਦ ਨੂੰ ਯਾਦ ਕੀਤਾ। ਉਨ੍ਹ੍ਵਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਦੇ ਕੇ ਜੋ ਆਜ਼ਾਦੀ ਦੇਸ਼ ਨੂੰ ਦਿਵਾਈ ਹੈ, ਉਸ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ, ਉਹ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਸਾਨੂੰ ਨਸੀਬ ਹੋਈ ਹੈ। ਇਸ ਲਈ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਤਮਸਤਕ ਹੋ ਕੇ ਆਪਣੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ।
ਸੀਟੂ ਵਲੋਂ ਸ਼ਹੀਦੀ ਦਿਵਸ ਮੌਕੇ ਸਮਾਗਮ
ਐੱਸਏਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਸੀਟੂ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਡਾਕਟਰ ਸ਼ੇਰ ਸਿੰਘ ਯਾਦਗਾਰ ਟਰੱਸਟ ਦਫ਼ਤਰ ਵਿੱਚ ਸਮਾਗਮ ਕਰਵਾਇਆ ਗਿਆ। ਪ੍ਰਧਾਨਗੀ ਤਾਲਮੇਲ ਕਮੇਟੀ ਦੇ ਕਨਵੀਨਰ ਹਰਕੇਸ਼ ਰਾਣਾ ਅਤੇ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਭੁਪਿੰਦਰ ਕੌਰ ਨੇ ਕੀਤੀ। ਮੀਟਿੰਗ ਵਿੱਚ ਸੀਟੂ ਦੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਸਮਾਗਮ ਨੂੰ ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਸੀਟੂ, ਰਣਦੀਪ ਸਿੰਘ ਆਗੂ ਪੀਐੱਸਆਈਈਸੀ, ਤਾਰਾ ਸਿੰਘ ਪ੍ਰਧਾਨ ਬੋਰਡ ਅਤੇ ਕਾਰਪੋਰੇਸ਼ਨ ਮਹਾਸੰਘ ਨੇ ਸੰਬੋਧਨ ਕੀਤਾ। ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਹਾਜ਼ਰ ਸਾਥੀਆਂ ਨੂੰ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ। ਉਨ੍ਹਾਂ 6 ਅਗਸਤ ਨੂੰ ਉਦਯੋਗ ਭਵਨ ਵਿੱਚ ਹੋ ਰਹੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।