ਵਿਧਾਇਕ ਰੰਧਾਵਾ ਵੱਲੋਂ ਪੁਲੀਸ ਅਧਿਕਾਰੀਆਂ ਦਾ ਸਨਮਾਨ
ਹਰਜੀਤ ਸਿੰਘ
ਡੇਰਾਬੱਸੀ, 13 ਅਕਤੂਬਰ
ਹਲ਼ਕੇ ਵਿੱਚ ਡੇਰਾਬੱਸੀ, ਲਾਲੜੂ, ਹੰਡੇਸਰਾ ਅਤੇ ਜ਼ੀਰਕਪੁਰ ਸ਼ਹਿਰ ਵਿੱਚ ਦਸਹਿਰੇ ਦਾ ਤਿਉਹਾਰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੁਲੀਸ ਅਤੇ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ, ਡੀਐੱਸਪੀ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ, ਡੀਐੱਸਪੀ ਮੁਹਾਲੀ ਗੁਰਪ੍ਰੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀਆਂ ਦਾ ਸਨਮਾਨ ਕੀਤਾ।
ਸ੍ਰੀ ਰੰਧਾਵਾ ਨੇ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਸਨ। ਸ੍ਰੀ ਰੰਧਾਵਾ ਨੇ ਕਿਹਾ ਕਿ ਹਲ਼ਕੇ ਵਿੱਚ ਵਿਕਾਸ ਦੀ ਰੋਸ਼ਨੀ ਤਾਂ ਹੀ ਪਹੁੰਚ ਸਕਦੀ ਹੈ ਜਦੋਂ ਸੱਭਿਅਕ ਸਮਾਜ ਵਿੱਚ ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਹਲ਼ਕੇ ਵਿੱਚ ਦਰਜਨ ਤੋਂ ਵੱਧ ਥਾਵਾਂ ’ਤੇ ਦਸਹਿਰਾ ਸਮਾਗਮਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣਾ ਪੁਲੀਸ ਅਤੇ ਪ੍ਰਸ਼ਾਸਨ ਲਈ ਵੀ ਵੱਡੀ ਚੁਣੌਤੀ ਸੀ। ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਅਮਨ-ਕਾਨੂੰਨ ਦੀ ਮਜ਼ਬੂਤੀ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਾਧੂ ਪੁਲੀਸ ਫੋਰਸ ਦਾ ਪ੍ਰਬੰਧ ਕੀਤਾ ਗਿਆ ਹੈ। ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਉਹ ਆਉਣ ਵਾਲੇ ਤਿਉਹਾਰਾਂ ਨੂੰ ਸ਼ਾਂਤਮਈ ਅਤੇ ਸਦਭਾਵਨਾ ਨਾਲ ਮਨਾਉਣ। ਤਿਉਹਾਰਾਂ ਦੀ ਖੁਸ਼ੀ ਉਦੋਂ ਵੱਧ ਜਾਂਦੀ ਹੈ ਜਦੋਂ ਇਹ ਇਕੱਠੇ ਮਨਾਏ ਜਾਣ।