ਵਿਧਾਇਕ ਸੌਂਦ ਵੱਲੋਂ ਖੰਨਾ ਸ਼ਹਿਰ ਨੂੰ ਸੋਹਣਾ ਬਣਾਉਣ ਲਈ ਮੁਹਿੰਮ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਜੂਨ
ਹਲਕਾ ਵਿਧਾਇਕ ਤਰਨਪ੍ਰੀਤ ਸੌਂਦ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸ਼ਹਿਰ ਦਾ ਦੌਰਾ ਕਰਦਿਆਂ ਹਰੀ ਪੱਟੀ ਵਾਲੇ ਖੇਤਰਾਂ ਨੂੰ ਵਿਕਸਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸ਼ਹਿਰ ਦੇ ਕਈ ਪੁਆਇੰਟ ਦੇਖ ਕੇ ਭਵਿੱਖ ਲਈ ਰੂਪ-ਰੇਖਾ ਵੀ ਤਿਆਰ ਕੀਤੀ। ਇਸ ਮੌਕੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਵਿਧਾਇਕ ਸੌਂਦ ਨੂੰ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਸਬੰਧੀ ਸੁਝਾਅ ਦਿੱਤੇ। ਵਿਧਾਇਕ ਨੇ ਕਿਹਾ ਕਿ ਉਹ ਹਲਕਾ ਖੰਨਾ ਦੇ ਵਾਸੀਆਂ ਪ੍ਰਤੀ ਜਵਾਬਦੇਹ ਹਨ ਅਤੇ ਸ਼ਹਿਰ ਨੂੰ ਸੁੰਦਰ ਬਣਾਉਣ ਵਿੱਚ ਆਪਣਾ ਫਰਜ਼ ਨਿਭਾ ਰਹੇ ਹਨ।
ਉਨ੍ਹਾਂ ਪਹਿਲੇ ਪੜਾਅ ਦੌਰਾਨ ਸ਼ਹਿਰ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ’ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਸ਼ਹਿਰ ਵਿੱਚ ਕਿਤੇ ਵੀ ਖਾਸ ਕਰਕੇ ਜਰਨੈਲੀ ਸੜਕ ’ਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਇਜਾਜ਼ਤ ਨਹੀਂ ਹੈ ਜੋ ਕੁਝ ਸ਼ਿਕਾਇਤਾਂ ਮਿਲਦੀਆਂ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਜੀ ਟੀ ਰੋਡ ਦੇ ਨਾਲ ਨਾਲ ਸਰਵਿਸ ਰੋਡ ’ਤੇ ਬੂਟੇ ਲਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਸੁਨੀਲ ਕੁਮਾਰ ਨੀਟਾ, ਠੇਕੇਦਾਰ ਰਜੇਸ਼ ਵਾਲੀਆ, ਅਮਰਦੀਪ ਸਿੰਘ ਪੁਰੇਵਾਲ, ਮਨਜੀਤ ਸਿੰਘ, ਮਹੇਸ਼ ਕੁਮਾਰ, ਪੁਨੀਤ ਖੱਟਰ ਤੇ ਅਵਤਾਰ ਸਿੰਘ ਮਾਨ ਹਾਜ਼ਰ ਸਨ।