ਵਿਧਾਇਕ ਤੇ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ
ਦਲਬੀਰ ਸੱਖੋਵਾਲੀਆ
ਬਟਾਲਾ, 18 ਅਗਸਤ
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਬਟਾਲਾ ਐਸਡੀਐਮ ਡਾ. ਸ਼ਾਇਰੀ ਭੰਡਾਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੈਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਸਾਰਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਦਿਨ ਰਾਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਰੱਖਿਆ ਗਿਆ ਹੈ ਅਤੇ ਲੋਕਾਂ ਤੱਕ ਲੋੜੀਂਦੀਆਂ ਵਸਤਾਂ ਪੁੱਜਦਾ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਲੋਕਾਂ ਨੂੰ ਸਿਹਤ ਸਹੂਲਤ ਦੇਣ ਤੋਂ ਇਲਾਵਾ ਰੋਜਮੱਰ੍ਹਾ ਦੀਆਂ ਵਸਤਾਂ ਦੇਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਬੇੜੀਆਂ ਰਾਹੀਂ ਵੀ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਕੀਤੀਆਂ ਗਈਆਂ ਹਨ ਅਤੇ ਪਸ਼ੂਆਂ ਦਾ ਚਾਰੇ ਦਾ ਪ੍ਰਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਹੜ੍ਹ ਪੀੜ੍ਹਤਾਂ ਦੀ ਸਾਰ ਲਈ
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਕਾਹਨੂੰਵਾਨ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਪੁਰਾਣਾ ਸ਼ਾਲਾ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਤੋਂ ਇਲਾਵਾ ਹੋਰ ਵੀ ਮੋਹਤਬਰ ਤੇ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਅੱਜ ਪਿੰਡ ਭੈਣੀ ਪਸਵਾਲ, ਰੰਧਾਵਾ ਕਲੋਨੀ ਤੇ ਨਾਲ ਲੱਗਦੇ ਹੋਰ ਹੜ੍ਹ ਪ੍ਰਭਾਵਤ ਖੇਤਰ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।