ਨੂਹ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ
ਗੁਰੂਗ੍ਰਾਮ, 14 ਅਗਸਤ
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਦੋ ਫਿਰਕਿਆਂ ਵਿੱਚ ਹਿੰਸਾ ਦੇ ਦੋ ਹਫ਼ਤਿਆਂ ਮਗਰੋਂ ਅੱਜ ਇਲਾਕੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨੂਹ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 8 ਅਗਸਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ ਅਤੇ ਬਾਅਦ ਵਿੱਚ ਇਹ ਮੁਅੱਤਲੀ 13 ਅਗਸਤ ਤੱਕ ਵਧਾ ਦਿੱਤੀ ਗਈ ਸੀ। ਹਿੰਸਾ ਦੇ ਦਸ ਦਿਨਾਂ ਮਗਰੋਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂੁਲ ਅਤੇ ਹੋਰ ਵਿੱਦਿਅਕ ਅਦਾਰੇ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਨੂਹ ਵਿੱਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਤਿਆਰੀਆਂ ਜਾਰੀ ਹਨ। ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਪੁਲੀਸ ਦੀਆਂ ਟੁਕੜੀਆਂ ਪਰੇਡ ਦੀ ਤਿਆਰੀ ਵਿੱਚ ਲੱਗੀਆਂ ਹੋਈਆਂ ਹਨ। ਡਿਪਟੀ ਕਮਿਸ਼ਨਰ ਧੀਰੇਂਦਰ ਖੜਗਤਾ ਨੇ ਕਿਹਾ ਕਿ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੀ ਬਹਾਲੀ ਮਗਰੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਥਿਤੀ ਆਮ ਵਰਗੀ ਹੋ ਗਈ ਹੈ। ਇਸੇ ਦੌਰਾਨ ਪੁਲੀਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਅੰਜ ਮੰਡੀ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਨੂਹ ਦੇ ਐੱਸਪੀ ਨਰੇਂਦਰ ਬਿਜਾਰਨੀਆ ਨੇ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ। ਏਐੱਸਪੀ (ਅਪਰਾਧ) ਵਰੁਣ ਦਹੀਆ ਨੇ ਦੱਸਿਆ ਕਿ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ 1700 ਪੁਲੀਸ ਕਰਮੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। -ਪੀਟੀਆਈ
ਨੂਹ ਹਿੰਸਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਰਾਓ
ਗੁਰੂਗ੍ਰਾਮ/ਨੂਹ: ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੂਹ ਹਿੰਸਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਗੁਰੂਗ੍ਰਾਮ ਤੋਂ ਭਾਜਪਾ ਦੇ ਸੰਸਦ ਮੈਂਬਰ ਨੇ ਹਿੰਸਾ ਦੌਰਾਨ ਮਾਰੇ ਗਏ ਹੋਮਗਾਰਡ ਜਵਾਨ ਨੀਰਜ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। -ਪੀਟੀਆਈ