ਦਿੱਲੀ ਮੋਰਚੇ ਨਾਲ ਸਬੰਧਤ ਮੰਗਾਂ ’ਤੇ ਕੇਂਦਰ ਖ਼ਿਲਾਫ਼ ਲਾਮਬੰਦੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ। ਇਸ ਵਿੱਚ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਨਿਆਲ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਉੱਤਰੀ ਭਾਰਤ ਦੀਆਂ 18 ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅੰਦਰ ਵੱਡੇ ਇਕੱਠ ਕਰਕੇ ਦਿੱਲੀ ਮੋਰਚੇ ਨਾਲ ਸਬੰਧਤ ਮੰਗਾਂ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਦੀ ਤਿਆਰੀ ਵਜੋਂ ਪਿੰਡ-ਪਿੰਡ ਮੀਟਿੰਗਾਂ ਤੇ ਰੈਲੀਆਂ ਦੀ ਸ਼ੁਰੂਆਤ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਪਿੱਠ ’ਤੇ ਖੜ੍ਹੀ ਹੈ। ਵਿਕਾਸ ਦੇ ਨਾਂ ’ਤੇ ਰਿਆਇਤਾਂ ਦੇ ਕੇ ਕਾਰਪੋਰੇਟ ਜਗਤ ਦੇ ਹਿੱਤ ਸੁਰੱਖਿਅਤ ਕਰ ਰਹੀ ਹੈ। ਖੇਤੀ ਸੈਕਟਰ ਨਾਲ ਵੱਡੀ ਪੱਧਰ ’ਤੇ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਤੈਅ ਕਰਕੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਵੇ, ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖਤਮ ਕਰੇ, 60 ਸਾਲ ਤੋਂ ਉੱਪਰ ਦੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣਾ ਯਕੀਨੀ ਬਣਾਏ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ, ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ। ਮੀਟਿੰਗ ਨੂੰ ਯੂਨੀਅਨ ਆਗੂ ਗੁਰਮੇਲ ਸਿੰਘ ਮਹੋਲੀ, ਜਰਨੈਲ ਸਿੰਘ ਕਿਸ਼ਨਗੜ੍ਹ, ਗੁਰਦੇਵ ਸਿੰਘ ਗੱਜੂਮਾਜਰਾ, ਤਪਿੰਦਰ ਸਿੰਘ ਲੋਹਟਵੱਦੀ, ਗੁਰਭਿੰਦਰ ਸਿੰਘ ਕੋਕਰੀ, ਜਗਰਾਜ ਸਿੰਘ ਦੱਦਾਹੂਰ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਮੰਗਾਂ ਦੀ ਪ੍ਰਾਪਤੀ ਲਈ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।