ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰਾਜ ਭਵਨ ਵੱਲ ਪੈਦਲ ਮਾਰਚ ਲਈ ਲਾਮਬੰਦੀ
ਕੁਲਦੀਪ ਸਿੰਘ
ਚੰਡੀਗੜ੍ਹ, 6 ਜੁਲਾਈ
ਯੂਟੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਇੱਕ ਮੀਟਿੰਗ ਪਿੰਡ ਡੱਡੂਮਾਜਰਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਹੋਈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ ਅਤੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਿੰਡ ਡੱਡੂਮਾਜਰਾ ਦੇ ਦੇਵੀ ਦਿਆਲ ਸਿੰਘ, ਮਾਸਟਰ ਮੋਹਨ ਸਿੰਘ, ਜਸਵੀਰ ਸਿੰਘ, ਰੂਪ ਸਿੰਘ ਅਤੇ ਕੁਲਦੀਪ ਸਿੰਘ ਆਦਿ ਸ਼ਾਮਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਗੁਰਮੇਲ ਸਿੰਘ, ਪ੍ਰਲਾਦ ਸਿੰਘ ਅਤੇ ਜੋਗਾ ਸਿੰਘ ਆਦਿ ਨੇ ਕਿਹਾ ਕਿ 16 ਅਪਰੈਲ 2024 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੈਕਟਰ-17 ਵਿਖੇ ਪੁਲ ਹੇਠਾਂ ਮੰਚ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ। ਇਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਉਨ੍ਹਾਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਦਰਜਾ ਦਿਵਾਉਣ ਦਾ ਪ੍ਰਣ ਕਰਵਾਇਆ ਗਿਆ ਸੀ।
ਬੁਲਾਰਿਆਂ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚੋਂ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਇਹ ਭਾਸ਼ਾ ਦਾ ਮਸਲਾ ਕੇਂਦਰ ਸਰਕਾਰ ਦੇ ਦਖ਼ਲ ਨਾਲ ਹੀ ਹੱਲ ਹੋ ਸਕਦਾ ਹੈ। ਇਸ ਲਈ ਹੁਣ ਚੋਣਾਂ ਉਪਰੰਤ ਮੰਚ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਰਾਜ ਭਵਨ ਵੱਲ ਪੈਦਲ ਮਾਰਚ ਕਰਕੇ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਦੀ ਯਾਦ ਤਾਜ਼ਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 29 ਅਗਸਤ ਦੇ ਪੈਦਲ ਮਾਰਚ ਪ੍ਰਤੀ ਪਿੰਡ-ਪਿੰਡ ਜਾ ਕੇ ਲਾਮਬੰਦੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਉਸ ਪੈਦਲ ਮਾਰਚ ਵਿੱਚ ਸ਼ਾਮਲ ਕੀਤੇ ਜਾ ਸਕਣ।