ਮੁੱਖ ਮੰਤਰੀ ਦੀ ਵਾਅਦਾਖਿਲਾਫ਼ੀ ਖ਼ਿਲਾਫ਼ ਵਿੱਢੇ ਸੰਘਰਸ਼ ਲਈ ਲਾਮਬੰਦੀ
ਪੱਤਰ ਪ੍ਰੇਰਕ
ਜਲੰਧਰ, 24 ਜੁਲਾਈ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਇੱਥੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਕਾਮਰੇਡ ਰਣਬੀਰ ਸਿੰਘ ਢਿੱਲੋਂ, ਕਾਮਰੇਡ ਭਿੰਦਰ ਸਿੰਘ ਪੀਆਰਟੀਸੀ ਮੁਲਾਜ਼ਮ ਆਗੂ ਤੇ ਕਈ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਕਾਰਜਕਾਰੀ ਚੇਅਰਮੈਨ ਅਵਤਾਰ ਸਿੰਘ ਗਗੜਾ , ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਵੱਲੋਂ ਖੁਦ 25 ਜੁਲਾਈ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗ ਤੈਅ ਕਰਕੇ ਮੁਲਤਵੀ ਕਰਨ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 25 ਜੁਲਾਈ ਤੋਂ 27 ਅਗਸਤ ਤੱਕ ਪੰਜਾਬ ਵਿੱਚ ਵੱਖ ਵੱਖ ਬਲਾਕਾਂ , ਤਹਿਸੀਲਾਂ ਅਤੇ ਜ਼ਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਐਕਸ਼ਨ ਪ੍ਰੋਗਰਾਮ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ 14 ਅਗਸਤ ਤੋਂ 17 ਅਗਸਤ ਤੱਕ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਸਾਂਝੇ ਤੌਰ ਖਜਿਆਰ (ਹਿਮਾਚਲ ਪ੍ਰਦੇਸ਼) ਵਿਖੇ ਲਗਾਏ ਜਾ ਰਹੇ ਸਿਧਾਂਤਕ ਸਕੂਲ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ।ਇਹ ਵੀ ਫੈਸਲਾ ਕੀਤਾ ਗਿਆ ਕਿ 28 ਜੁਲਾਈ ਨੂੰ ਗੁਰਦੁਆਰਾ ਸ੍ਰੀ ਸਾਹਿਬਵਾੜਾ, ਫੇਜ਼ 5 ਮੁਹਾਲੀ ਵਿਖੇ ਸਾਥੀ ਰਣਬੀਰ ਸਿੰਘ ਢਿੱਲੋਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।