ਖਜ਼ਾਨਾ ਮੰਤਰੀ ਦੀ ਕੋਠੀ ਅੱਗੇ ਧਰਨੇ ਲਈ ਲਾਮਬੰਦੀ
ਪੱਤਰ ਪ੍ਰੇਰਕ
ਲਹਿਰਾਗਾਗਾ, 1 ਮਾਰਚ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਅੱਜ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਦੋ ਮਾਰਚ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਤੇ ਜ਼ਿਲ੍ਹਾ ਆਗੂ ਗੋਪੀ ਗਿਰ ਕਲਰਭੈਣੀ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵੱਲੋਂ ਪਿੰਡਾਂ ਲੇਹਲ ਕਲਾਂ, ਢੀਂਡਸਾ ਸਣੇ ਦਰਜਨ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਕੀਤੀਆਂ ਗਈਆਂ ਹਨ।
‘ਆਪ’ ਸਰਕਾਰ ਵੱਲੋਂ 5 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਮਜ਼ਦੂਰ ਵਰਗ ਲਈ ਢੁਕਵੇਂ ਬਜਟ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਾਰੰਟੀ ਕਰਨ, ਦਿਹਾੜੀ 700 ਰੁਪਏ ਕਰਨ, ਮਗਨਰੇਗਾ ਸਕੀਮ ਤਹਿਤ ਸਾਲ ਭਰ ਕੰਮ ਦੇਣ, ਮਾਈਕ੍ਰੋਫਾਇਨਾਂਸ ਕੰਪਨੀਆਂ ਸਮੇਤ ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ ਕਰਨ ਤੇ ਸਸਤੇ ਕਰਜ਼ਿਆਂ ਦਾ ਪ੍ਰਬੰਧ ਕਰਨ, ਬੁਢਾਪਾ ਵਿਧਵਾ ਅੰਗਹੀਣ ਆਸ਼ਰਿਤਾ ਦੀ ਪੈਨਸ਼ਨ ਪੰਜ ਹਜ਼ਾਰ ਰੁਪਏ ਮਹੀਨਾ ਕਰਨ, ਚੋਣ ਗਾਰੰਟੀ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਸਭਨਾਂ ਬੇਘਰਿਆਂ ਤੇ ਲੋੜਵੰਦ ਨੂੰ ਪਲਾਟ ਦੇਣ ਤੇ ਮਕਾਨ ਉਸਾਰੀ ਲਈ ਪੰਜ ਲੱਖ ਰੁਪਏ ਗ੍ਰਾਂਟ, ਜਨਤਕ ਵੰਡ ਪ੍ਰਣਾਲੀ ਮਜਬੂਤ ਕਰਕੇ ਡਿਪੂਆਂ ਤੇ ਰਸੋਈ ਤੇ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ, ਤਿੱਖੇ ਜ਼ਮੀਨੀ ਸੁਧਾਰ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਚ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜਮੀਨ ਸਸਤੇ ਰੇਟ ਮਜ਼ਦੂਰਾਂ ਨੂੰ ਠੇਕੇ ’ਤੇ ਦੇਣ ਅਤੇ ਮਜ਼ਦੂਰ ਕਿਸਾਨ ਪੱਖੀਂ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ ਜਾਵੇਗੀ।
ਇਸ ਮੌਕੇ ਗੁਰਜੱਟ ਸਿੰਘ ਅਮਰਜੀਤ ਸਿੰਘ ਲਹਿਲਕਲਾ, ਪਰਮਜੀਤ ਕੌਰ ਕਰਮਜੀਤ ਕੌਰ ਸਲੇਮਗੜ੍ਹ, ਬਲਵਿੰਦਰ ਸਿੰਘ ਕਲਰਭੈਣੀ ਤੇ ਗੁਰਪਿਆਰ ਸਿੰਘ ਪਾਪੜਾ ਆਦਿ ਨੇ ਵੀ ਸੰਬੋਧਨ ਕੀਤਾ।