ਭਾਕਿਯੂ (ਸਿੱਧੂਪੁਰ) ਵੱਲੋਂ ਕਿਸਾਨ ਮਹਾਪੰਚਾਇਤ ਲਈ ਲਾਮਬੰਦੀ
ਪੱਤਰ ਪ੍ਰੇਰਕ
ਮਾਛੀਵਾੜਾ, 11 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਮਾਛੀਵਾੜਾ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਅਤੇ ਸਰਪ੍ਰਸਤ ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ 15 ਸਤੰਬਰ ਨੂੰ ਜ਼ਿਲ੍ਹਾ ਜੀਂਦ ਦੇ ਕਸਬਾ ਉਚਾਨਾ ਦੀ ਨਵੀਂ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਵੱਡੀ ਕਿਸਾਨ ਮਹਾਪੰਚਾਇਤ ਕੀਤੀ ਜਾ ਰਹੀ ਹੈ ਜਿਸ ਵਿੱਚ ਯੂਨੀਅਨ ਦੇ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਦਾ ਮਕਸਦ ਕਿਸਾਨੀ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਹੈ। ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ’ਚ ਪੈਟਰੋਲੀਅਮ ਪਦਾਰਥਾਂ ਤੇ ਬਿਜਲੀ ਰੇਟਾਂ ਵਿੱਚ ਵਾਧਾ ਕਰਨ ਨਾਲ ਲੋਕਾਂ ’ਤੇ ਜੇਬ ’ਤੇ ਵਾਧੂ ਬੋਝ ਪਿਆ ਹੈ। ਇਸ ਮੌਕੇ ਰਵਿੰਦਰ ਸਿੰਘ ਨਾਗਰਾ ਬਲਾਕ ਪ੍ਰੈੱਸ ਸਕੱਤਰ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਗਿੱਲ, ਜਤਿੰਦਰ ਸਿੰਘ ਰਾਣਵਾਂ, ਮੰਨਾ ਤੱਖਰਾਂ ਤੇ ਹਰਜੀਤ ਸਿੰਘ ਮੌਜੂਦ ਸਨ।