ਸਿੱਖਿਆ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਲਈ ਲਾਮਬੰਦੀ
ਸੰਜੀਵ ਬੱਬੀ
ਚਮਕੌਰ ਸਾਹਿਬ, 25 ਨਵੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਪਹਿਲੀ ਦਸੰਬਰ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਜ਼ਿਲ੍ਹਾ ਕਨਵੀਨਰਾਂ ਗੁਰਿੰਦਰਪਾਲ ਸਿੰਘ ਖੇੜੀ, ਹਰਪ੍ਰੀਤ ਸਿੰਘ ਸੰਧੂ ਅਤੇ ਧਰਮਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਮੀਟਿੰਗ ਕੀਤੀ। ਇਸ ਦੌਰਾਨ ਅਧਿਆਪਕ ਮਸਲਿਆਂ ’ਤੇ ਗੱਲ ਕਰਦਿਆਂ ਦਵਿੰਦਰ ਸਿੰਘ ਸਮਾਣਾ, ਗੁਰਮਿੰਦਰ ਸਿੰਘ ਸੋਹੀ, ਸਤੀਸ਼ ਕੁਮਾਰ ਅਤੇ ਵਿਕਰਮ ਆਦਿ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਹੋਈ 22 ਅਗਸਤ ਦੀ ਮੀਟਿੰਗ ਦੇ ਫੈਸਲੇ ਨਾ ਲਾਗੂ ਕਰਨ ਤੋਂ ਅਧਿਆਪਕ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮੋਰਚੇ ਵਲੋਂ ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਸਬੰਧੀ ਸੰਨ 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਸੀਐਂਡਵੀ ਤੋਂ ਮਾਸਟਰ ਕਾਡਰ ਤਰੱਕੀਆਂ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਡਰ ਦੇਣ ਸਬੰਧੀ ਕੋਈ ਨੋਟਿਸ ਨਹੀਂ ਲਿਆ। ਸੀਐਂਡਵੀ ਕਾਡਰ ਦੇ ਪੀਟੀਆਈਜ਼/ ਆਰਟ ਐਂਡ ਕਰਾਫਟ ਟੀਚਰਜ਼ ਤੋਂ ਰਿਕਵਰੀ ਦਾ ਪੱਤਰ ਮੁੜ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕ ਚਮਕੌਰ ਸਾਹਿਬ ਅਤੇ ਮੋਰਿੰਡਾ ਬਲਾਕਾਂ ਤੋਂ ਪ੍ਰਦਰਸ਼ਨ ਵਿੱਚ ਭਾਰੀ ਗਿਣਤੀ ਸ਼ਮੂਲੀਅਤ ਕਰਨਗੇ।