ਪੱਕੀ ਭਰਤੀ ਕਰਵਾਉਣ ਲਈ ਮੁਲਾਜ਼ਮਾਂ ਵੱਲੋਂ ਥਰਮਲ ਅੱਗੇ ਲਾਮਬੰਦੀ
ਪਵਨ ਗੋਇਲ
ਭੁੱਚੋ ਮੰਡੀ, 17 ਨਵੰਬਰ
ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਪੱਕੀ ਭਰਤੀ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਲਈ ਅੱਜ ਥਰਮਲ ਦੇ ਮੱਖ ਗੇਟ ਅੱਗੇ ਰੈਲੀ ਕਰਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਗਏ ਆਗਾਮੀ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ। ਇਸ ਤਹਿਤ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ 30 ਨਵੰਬਰ ਨੂੰ ਪੰਜਾਬ ਦੇ ਕਿਸੇ ਕੌਮੀ ਮਾਰਗ ਨੂੰ ਮੁਕੰਮਲ ਤੌਰ ’ਤੇ ਬੰਦ ਕਰਨਗੇ। ਇਸ ਦੀ ਸਫਲਤਾ ਲਈ ਅੱਜ ਰੈਲੀ ਵਿੱਚ ਆਗੂਆਂ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਗਿਆ। ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਇਹ ਸੰਘਰਸ਼ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕਰਵਾਉਣ, ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕਰਵਾਉਣ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਕੀਤਾ ਜਾ ਰਿਹਾ ਹੈ ਅਤੇ ਆਪਣੇ ਹੱਕਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਸਬ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਨਾਲ਼ ਧੋਖਾ ਕਰ ਰਹੀ ਹੈ।
ਰੋਸ ਮਾਰਚ ਕਰ ਕੇ ਸਮਰਥਨ ਮੰਗਿਆ
ਜੈਤੋ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵੱਲੋਂ ਸਥਾਨਕ ਸ਼ਹਿਰ ਸਮੇਤ ਨੇੜਲੇ ਪਿੰਡਾਂ ਵਿੱਚ ਅੱਜ ਰੋਸ ਮਾਰਚ ਕੀਤਾ ਗਿਆ। ਵਿਖਾਵਾਕਾਰੀਆਂ ਦੀ ਮੁੱਖ ਮੰਗ ਸੀ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਨਹੀਂ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਮੋਰਚੇ ਦੇ ਆਗੂਆਂ ਗੁਰਵਿੰਦਰ ਸਿੰਘ ਪੰਨੂ, ਗਗਨਦੀਪ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ ਜੱਸੀ, ਸੰਦੀਪ ਖ਼ਾਨ, ਇਕਬਾਲ ਸਿੰਘ, ਖੁਸ਼ਦੀਪ ਸਿੰਘ, ਬੂਟਾ ਸਿੰਘ ਆਦਿ ਨੇ ਚੌਕਾਂ ਅਤੇ ਸੱਥਾਂ ’ਚ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੀ ਮਸਲਿਆਂ ਦੇ ਹੱਲ ਤਾਂ ਦੂਰ, ਗੱਲ ਸੁਣਨ ਲਈ ਵੀ ਤਿਆਰ ਨਹੀਂ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਜ਼ੋਰ ਮੋਰਚੇ ਨੂੰ 18 ਵਾਰ ਲਿਖ਼ਤੀ ਮੀਟਿੰਗਾਂ ਮਿਲੀਆਂ ਪਰ ਇੱਕ ਵੀ ਮੀਟਿੰਗ ਵਿਚ ਵੀ ਮੁੱਖ ਮੰਤਰੀ ਸ਼ਾਮਿਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਗੱਲ ਸੁਣਨ ਤੋਂ ਵੀ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ (ਕਾਮਿਆਂ) ਨੂੰ ਪੱਕਾ ਕਰਨ ਦੀ ਥਾਂ ਪੰਜਾਬ ਸਰਕਾਰ ਨੇ ਕੰਮ ਦੇ ਘੰਟੇ 8 ਤੋਂ 12 ਕਰਨ ਦਾ ਫ਼ੈਸਲਾ ਕਰ ਲਿਆ ਹੈ।