ਮਜ਼ਦੂਰ ਜਥੇਬੰਦੀ ਵੱਲੋਂ ਧਰਨੇ ਸਬੰਧੀ ਪਿੰਡਾਂ ’ਚ ਲਾਮਬੰਦੀ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 12 ਜੂਨ
ਇਥੋਂ ਨੇੜਲੇ ਪਿੰਡ ਨਮੋਲ ਅਤੇ ਬਿਗੜਵਾਲ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੱਖ-ਵੱਖ ਕੇਸਾਂ ਵਿੱਚ ਹੋ ਰਹੇ ਧੱਕੇ ਖ਼ਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਵਜੋਂ ਪਿੰਡ ਖਡਿਆਲ, ਮਹਿਲਾ ਚੌਂਕ, ਕੌਕੋਮਾਜਰੀ ਸੁਨਾਮ, ਸੁਨਾਮ ਟਿੱਬੀ, ਛਾਜਲਾ, ਛਾਜਲੀ, ਸ਼ੇਰੋਂ ਅਤੇ ਪਿੰਡ ਨਮੋਲ ਵਿੱਚ ਰੋਸ ਰੈਲੀ ਕੀਤੀ ਗਈ। ਇਨ੍ਹਾਂ ਰੈਲੀਆਂ ਦੌਰਾਨ 14 ਜੂਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਸੰਗਰੂਰ ਵਿੱਚ ਕੀਤੇ ਜਾਣ ਵਾਲੇ ਰੋਸ ਧਰਨੇ ਲਈ ਜਥੇਬੰਦੀ ਨੇ ਮਜ਼ਦੂਰ ਪਰਿਵਾਰਾਂ ਨੂੰ ਜਾਣ ਲਈ ਲਾਮਬੰਦ ਕੀਤਾ।
ਜਥੇਬੰਦੀ ਦੇ ਸੂਬਾਈ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਵਿੱਚ ਮਜ਼ਦੂਰ ਪਰਿਵਾਰਾਂ ਦੀਆਂ ਰੂੜੀਆਂ ਵਾਲੀ ਥਾਂ ਨੂੰ ਇੱਕ ਗਿਣੀ-ਮਿੱਥੀ ਸਾਜਿਸ਼ ਤਹਿਤ ਹੜੱਪਿਆ ਜਾ ਰਿਹਾ ਹੈ ਜਦੋਂ ਕਿ ਬਿਗੜਵਾਲ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਤੀਜੇ ਹਿੱਸੇ ਦੀ ਜ਼ਮੀਨ ਵਿੱਚ ਪਿੰਡ ਦੇ ਉੱਚ ਜਾਤੀ ਦੇ ਲੋਕਾਂ ਵੱਲੋਂ ਦਖਲਅੰਦਾਜ਼ੀ ਖਿਲਾਫ ਇਹ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਧੱਕਿਆ ਖ਼ਿਲਾਫ਼ ਹੁਣ ਤੱਕ ਪੁਲੀਸ ਪ੍ਰਸਾਸ਼ਨ ਵੱਲੋਂ ਕੋਈ ਭਰੋਸੇਯੋਗ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗੲ। ਇਸ ਕਾਰਨ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਏ ਹਨ। ਜਥੇਬੰਦੀਂ ਦੇ ਆਗੂਆਂ ਨੇ ਦੱਸਿਆ ਕਿ 14 ਜੂਨ ਨੂੰ ਰੋਸ ਧਰਨੇ ਤੋਂ ਪਹਿਲਾਂ ਸ਼ਹਿਰ ਸੰਗਰੂਰ ਵਿੱਚ ਰੋਹ ਭਰਪੂਰ ਜਲੂਸ ਕੱਢਿਆ ਜਾਵੇਗਾ। ਉਨ੍ਹਾਂ ਪ੍ਰਸਾਸ਼ਨ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਆਉਂਦੇ ਦਿਨਾਂ ਵਿੱਚ ਫਿਰ ਵੀ ਇਸ ਪਾਸੇ ਵੱਲ ਸਰਕਾਰ ਜਾਂ ਪ੍ਰਸ਼ਾਸਨ ਨੇ ਕੋਈ ਧਿਆਨ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਮੋਰਚਾ ਦੂਜੇ ਦਿਨ ਵੀ ਜਾਰੀ
ਪਟਿਆਲਾ (ਪੱਤਰ ਪ੍ਰੇਰਕ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਦਦਹੇੜਾ ਦੀ ਸ਼ਾਮਲਾਤ ਵਿਚ ਅਨੁਸੂਚਿਤ ਜਾਤੀਆਂ ਦੇ ਹਿੱਸੇ ਦੀ ਆਉਂਦੀ ਜ਼ਮੀਨ ਲੈਣ ਲਈ ਸ਼ੁਰੂ ਕੀਤਾ ਮੋਰਚਾ ਅੱਜ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਅਸੀਂ ਸ਼ਾਮਲਾਤ ਜ਼ਮੀਨ ਵਿਚੋਂ ਆਉਂਦੀ ਆਪਣੇ ਹਿੱਸੇ ਦੀ ਜ਼ਮੀਨ ਵਿਚ ਸਾਂਝੀ ਖੇਤੀ ਕਰਨਾ ਚਾਹੁੰਦੇ ਹਨ ਪਰ ਬੀਡੀਪੀਓ ਉਨ੍ਹਾਂ ਖ਼ਿਲਾਫ਼ ਭੁਗਤ ਰਿਹਾ ਹੈ। ਇਸ ਸਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਧਰਮਵੀਰ ਹਰੀਗੜ੍ਹ ਇਕਾਈ ਆਗੂ ਅਮਰਜੀਤ ਸਿੰਘ ਅਤੇ ਗੁਰਜੰਟ ਸਿੰਘ ਸੋਨੀ ਨੇ ਕਿਹਾ ਕਿ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਤੋਂ ਬਾਅਦ ਮਜ਼ਦੂਰਾਂ ਵੱਲੋਂ ਮਾਮਲਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਰਪੂਰ ਸਿੰਘ, ਬਲਬੀਰ ਸਿੰਘ,ਮੇਜਰ ਸਿੰਘ,ਜੀਤ ਸਿੰਘ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਰਜਨ ਸਿੰਘ, ਹਰਪ੍ਰੀਤ ਸਿੰਘ, ਅਤੇ ਕਰਮਜੀਤ ਸਿੰਘ ਹਾਜ਼ਰ ਰਹੇ।