ਕਿਸਾਨ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਲਾਮਬੰਦੀ
ਪੱਤਰ ਪ੍ਰੇਰਕ
ਅਜਨਾਲਾ, 29 ਅਗਸਤ
ਸਰਹੱਦੀ ਪਿੰਡ ਕੋਟ ਰਜ਼ਾਦਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ ਇਲਾਕੇ ਦੇ ਕਿਸਾਨਾਂ ਦੀ ਭਰਵੀਂ ਮੀਟਿੰਗ ਵਿੱਚ ਜਿੱਥੇ ਆਗੂਆਂ ਵੱਲੋਂ ਕਿਸਾਨਾਂ ਦੀ ਜ਼ਮੀਨ ਅਤੇ ਸਰਕਾਰ ਵਿੱਚ ਪਏ ਰੇੜਕੇ ਦੌਰਾਨ ਪੂਰੀ ਕੀਮਤ ਵਸੂਲਣ ਦਾ ਐਲਾਨ ਕੀਤਾ ਉੱਥੇ ਹੀ ਸ਼ੰਭੂ ਅਤੇ ਖਨੌਰੀ ਵਿੱਚ 31 ਅਗਸਤ ਨੂੰ ਹੋਣ ਵਾਲੇ ਇਕੱਠ ਵਿੱਚ ਵੱਡੇ ਕਾਫਲੇ ਲੈ ਕੇ ਜਾਣ ਦਾ ਦਾਅਵਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਲਗਾਤਾਰ ਵਾਅਦਾਖਿਲਾਫ਼ੀ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ’ਤੇ ਜਦੋਂ ਤੱਕ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਬਣਦੀ ਪੂਰੀ ਕੀਮਤ ਨਹੀਂ ਮਿਲਦੀ, ਉਨੀ ਦੇਰ ਤੱਕ ਨੈਸ਼ਨਲ ਹਾਈਵੇਅ ਨੂੰ ਜ਼ਮੀਨਾਂ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਐੱਮਐੱਸਪੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 200 ਦਿਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਇਹ ਮੰਗਾਂ ਸਰਕਾਰਾਂ ਵੱਲੋਂ ਨਹੀਂ ਮੰਨੀਆਂ ਜਾਂਦੀਆਂ, ਓਨੀ ਦੇਰ ਸੰਯੁਕਤ ਕਿਸਾਨ ਮੋਰਚਾ ਗੈਰ- ਰਾਜਨੀਤਕ ਵੱਲੋਂ ਆਉਂਦੇ ਹਰੇਕ ਸੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਡੱਟ ਕੇ ਸੰਘਰਸ਼ ਕੀਤਾ ਜਾਵੇਗਾ।