ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਲਈ ਲਾਮਬੰਦੀ ਤੇਜ਼
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 2 ਅਪਰੈਲ
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੀਆਂ ਕੰਪਨੀਆਂ ਵੱਲੋਂ ਉਸਾਰੇ ਸਾਇਲੋਜ਼ ਕੰਪਲੈਕਸਾਂ ਨੂੰ ਦਾਣਾ ਮੰਡੀਆਂ ਦਾ ਦਰਜਾ ਦੇਣ ਦੇ ਨਾਲ-ਨਾਲ ਕਣਕ ਅਤੇ ਝੋਨਾ ਖ਼ਰੀਦਣ, ਵੇਚਣ, ਸਟੋਰ ਅਤੇ ਪ੍ਰੋਸੈਸ ਕਰਨ ਦੀ ਇਜਾਜ਼ਤ ਦੇਣ ਦਾ ਕਿਸਾਨ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁਹਾਲੀ ਵਿੱਚ 8 ਅਪਰੈਲ ਨੂੰ ‘ਆਪ’ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ ਤੋਂ ਇਲਾਵਾ ਆੜ੍ਹਤੀ ਭਾਈਚਾਰਾ, ਟਰਾਂਸਪੋਰਟ ਅਤੇ ਪੱਲੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਦੇ ਐਨ ਮੌਕੇ ਕਿਸਾਨਾਂ ਦੀ ਨਾਰਾਜ਼ਗੀ ਹੁਕਮਰਾਨਾਂ ਨੂੰ ਭਾਰੀ ਪੈ ਸਕਦੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਗੁਰਮੀਤ ਸਿੰਘ ਖੂਨੀਮਾਜਰਾ, ਹਰਦੇਵ ਸਿੰਘ ਅਤੇ ਹਰਜਿੰਦਰ ਸਿੰਘ ਲਾਲਾ ਨੇ ਦੱਸਿਆ ਕਿ ਸਾਂਝੇ ਸੰਘਰਸ਼ ਲਈ ਪਿੰਡਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ ਅਤੇ ਆੜ੍ਹਤੀਆਂ ਦੀ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਇਲੋਜ਼ ’ਚੋਂ ਮੰਡੀ ਫੀਸ ਦੀ ਉਗਰਾਹੀ ਨਾ ਹੋਣ ਕਰ ਕੇ ਸਰਕਾਰ ਨੂੰ ਵੱਡਾ ਘਾਟਾ ਪਵੇਗਾ ਅਤੇ ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣੀਆਂ ਔਖੀਆਂ ਹੋ ਜਾਣਗੀਆਂ।
ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਰੀਬ 714 ਕਿਸਾਨਾਂ ਦੀ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ।