ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਤਾ ਲਈ ਕੁਝ ਵੀ ਕਰ ਸਕਦੇ ਨੇ ਮੋਦੀ: ਪ੍ਰਿਯੰਕਾ

07:05 AM May 27, 2024 IST
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ ਪਾਰਟੀ ਉਮੀਦਵਾਰ ਡਾ. ਧਰਮਵੀਰ ਗਾਂਧੀ। -ਫੋਟੋ: ਰਾਜੇਸ਼ ਸੱਚਰ

ਪੀਟੀਆਈ/ਜੋਗਿੰਦਰ ਸਿੰਘ ਓਬਰਾਏ/ਸਰਬਜੀਤ ਭੰਗੂ
ਫਤਹਿਗੜ੍ਹ ਸਾਹਿਬ/ਖੰਨਾ/ਪਟਿਆਲਾ, 26 ਮਈ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਸਵਾਲ ਕੀਤਾ ਕਿ ਜੇਕਰ ਦੇਸ਼ ਦਾ ਅਰਥਚਾਰਾ ਤੇਜ਼ੀ ਨਾਲ ਵੱਧ ਰਿਹਾ ਹੈ ਤਾਂ ਲੋਕਾਂ ਦੀ ਜ਼ਿੰਦਗੀ ’ਚ ਪ੍ਰਗਤੀ ਕਿਉਂ ਨਹੀਂ ਹੋ ਰਹੀ। ਫਤਹਿਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਉਮੀਦਵਾਰ ਅਮਰ ਸਿੰਘ ਦੀ ਹਮਾਇਤ ਵਿੱਚ ਪੰਜਾਬ ’ਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਸਿਰਫ਼ ਸੱਤਾ ਹਾਸਲ ਕਰਨ ਲਈ ਝੂਠ ਬੋਲਣ ਤੇ ਜਨਤਾ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਾਇਆ ਤੇ ਕਿਹਾ ਕਿ ਉਹ ਸੱਤਾ ਲਈ ਕੁਝ ਵੀ ਕਰ ਸਕਦੇ ਹਨ। ਇਸ ਮਗਰੋਂ ਉਨ੍ਹਾਂ ਪਟਿਆਲਾ ਵਿੱਚ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਮਹਿਲਾਵਾਂ ਦੀ ਰੈਲੀ ਨੂੰ ਵੀ ਸੰਬੋਧਨ ਕੀਤਾ।
ਪ੍ਰਿਯੰਕਾ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਦੇਸ਼ ’ਚ 70 ਕਰੋੜ ਨੌਜਵਾਨ ਬੇਰੁਜ਼ਗਾਰ ਹਨ ਤੇ ਬੇਰੁਜ਼ਗਾਰੀ ਦਰ 45 ਸਾਲ ’ਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਹਿਤ ਸਰਕਾਰੀ ਅਦਾਰਿਆਂ ’ਚ 30 ਲੱਖ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ, ‘ਉਹ (ਮੋਦੀ) ਮੰਚਾਂ ਤੋਂ ਵੱਡੇ ਵੱਡੇ ਦਾਅਵੇ ਕਰਦੇ ਹਨ ਕਿ ਅਰਥਚਾਰਾ ਤੇਜ਼ੀ ਨਾਲ ਵਧ ਰਿਹਾ ਹੈ। ਮੈਂ ਪੁੱਛਣਾ ਚਾਹੁੰਦੀ ਹਾਂ ਕਿ ਜੇਕਰ ਇਸ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤਾਂ ਤੁਹਾਡੀ (ਲੋਕਾਂ ਦੇ) ਜ਼ਿੰਦਗੀ ’ਚ ਪ੍ਰਗਤੀ ਕਿਉਂ ਨਹੀਂ ਹੋ ਰਹੀ। ਤੁਹਾਡੇ ਬੱਚਿਆਂ ਨੂੰ ਨੌਕਰੀ ਕਿਉਂ ਨਹੀਂ ਮਿਲੀ?’ ਉਨ੍ਹਾਂ ਭਾਜਪਾ ’ਤੇ ਜਨਤਾ ਦਾ ਬਿਲਕੁਲ ਵੀ ਸਨਮਾਨ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮੋਦੀ ਜੀ ਸੱਤਾ ਲਈ ਕੁਝ ਵੀ ਕਰ ਸਕਦੇ ਹਨ। ਉਨ੍ਹਾਂ ਰੱਦ ਕੀਤੇ ਜਾ ਚੁੱਕੇ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਚੋਣਾਂ ਤੇ ਵੋਟਾਂ ਕਾਰਨ ‘ਕਾਲੇ’ ਖੇਤੀ ਕਾਨੂੰਨ ਖਤਮ ਕੀਤੇ। ਉਨ੍ਹਾਂ ਕਿਹਾ, ‘ਉਹ ਜੋ ਵੀ ਝੂਠ ਬੋਲਦੇ ਹਨ ਤੇ ਫੋਕੇ ਵਾਅਦੇ ਕਰਦੇ ਹਨ, ਉਹ ਸਿਰਫ਼ ਸੱਤਾ ਹਾਸਲ ਕਰਨ ਲਈ ਕਰਦੇ ਹਨ।’
ਉਨ੍ਹਾਂ ਕਿਹਾ ਕਿ ਇੰਡੀਆ ਸਰਕਾਰ ਬਣਨ ਮਗਰੋਂ ਦੇਸ਼ ਵਿੱਚ ਜਾਤੀ ਆਧਾਰਿਤ ਸਰਵੇਖਣ ਕਰਵਾਇਆ ਜਾਵੇਗਾ। ਪ੍ਰਿਯੰਕਾ ਨੇ ਕਿਹਾ ਕਿ ਪੰਜਾਬ ਵਿਚ 34 ਫੀਸਦੀ ਦੇ ਕਰੀਬ ਅਨੁਸੂਚਿਤ ਜਾਤੀ ਵਰਗ ਦੀ ਅਬਾਦੀ ਹੈ ਪਰ ਰਾਖਵਾਂਕਰਨ ਅਬਾਦੀ ਅਨੁਪਾਤ ਅਨੁਸਾਰ ਨਹੀਂ ਮਿਲ ਰਿਹਾ ਜਦਕਿ ਤਾਮਿਲਨਾਡੂ ’ਚ 69 ਫ਼ੀਸਦੀ ਤੱਕ ਰਾਖਵਾਂਕਰਨ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਿੱਜੀਕਰਨ ਦੇ ਸਖਤ ਖ਼ਿਲਾਫ਼ ਹੈ। ਇਸ ਲਈ ਪਬਲਿਕ ਸੈਕਟਰ ਨੂੰ ਮਜ਼ਬੂਤ ਕੀਤਾ ਜਾਵੇਗਾ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ ਅਤੇ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਤੈਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ ’ਚ ਕਿਸਾਨਾਂ ਦਾ ਕੋਈ ਕਰਜ਼ਾ ਮੁਆਫ਼ ਨਹੀਂ ਕੀਤਾ ਜਦਕਿ ਕਾਰਪੋਰੇਟ ਵਪਾਰੀਆਂ ਦਾ 16 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਮੌਕੇ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਡਾ. ਸਿੰਕਦਰ ਸਿੰਘ ਸਰਹਿੰਦ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਕੋਟਲੀ, ਰੁਪਿੰਦਰ ਸਿੰਘ ਰਾਜਾਗਿੱਲ, ਰਾਣਾ ਕੇਪੀ ਸਿੰਘ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਇਸ ਮਗਰੋਂ ਪ੍ਰਿਯੰਕਾ ਗਾਂਧੀ ਨੇ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਸਨੌਰ ਦੇ ਅਧੀਨ ਪੈਂਦੇ ਕਸਬਾ ਬਹਾਦਰਗੜ੍ਹ ’ਚ ਮਹਿਲਾ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ਔਰਤ ਵਿਰੋਧੀ ਗਰਦਾਨਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਕਰੀਬਨ ਅੱਧੀ ਆਬਾਦੀ ਔਰਤਾਂ ਦੀ ਹੈ। ਇਸ ਲਈ ਜੇਕਰ ਨਾਰੀ ਸ਼ਕਤੀ ਇਕਜੁੱਟ ਹੋ ਜਾਵੇ ਤਾਂ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਔਰਤਾਂ ਸਮੇਤ ਦੇਸ਼ ਦੇ ਹਰ ਵਰਗ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਲੰਮੇ-ਲੰਮੇ ਭਾਸ਼ਣ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾਵਾਂ ਲਈ ਖ਼ਿਲਾਫ਼ ਹੁੰਦੇ ਜ਼ੁਲਮਾਂ ਪ੍ਰਤੀ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਇਸ ਵਕਤ ਦੇਸ਼ ਅੰਦਰ ਜਿੱਥੇ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ, ਉਥੇ ਮਹਿੰਗਾਈ ਨੇ ਹੋਰ ਵੀ ਲੱਕ ਤੋੜ ਰੱਖੇ ਹਨ ਜਿਸ ਦਾ ਸਭ ਤੋਂ ਵੱਧ ਖਮਿਆਜ਼ਾ ਮਹਿਲਾਵਾਂ ਨੂੰ ਭੁਗਤਣਾ ਪੈਂਦਾ ਹੈ। ਸਮਾਗਮ ਦੀ ਸਮਾਪਤੀ ਮਗਰੋਂ ਨਵਜੋਤ ਸਿੱਧੂ ਦੇ ਧੀ, ਪੁੱਤ ਤੇ ਨੂੰਹ ਨੇ ਵੀ ਪ੍ਰਿਯੰਕਾ ਗਾਂਧੀ ਨਾਲ ਸਮਾਗਮ ਵਾਲੇ ਪੈਲੇਸ ਵਿਚਲੇ ਇੱਕ ਕਮਰੇ ’ਚ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਤੋਂ ਨਵਜੋਤ ਕੌਰ ਸਿੱਧੂ ਦੀ ਸਿਹਤ ਬਾਰੇ ਵੀ ਜਾਣਿਆ।

Advertisement

Advertisement
Advertisement