ਕਿਸਾਨਾਂ ਦੀ ਫਸਲ ਦੀ ਢੁਕਵੀਂ ਖਰੀਦ ਨਹੀਂ ਕਰ ਰਹੀ ਮੋਦੀ ਸਰਕਾਰ: ਕਾਂਗਰਸ
ਨਵੀਂ ਦਿੱਲੀ, 19 ਅਕਤੂਬਰ
ਕਾਂਗਰਸ ਨੇ ਨਰਿੰਦਰ ਮੋਦੀ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵੇਲੇ ਕਿਸਾਨਾਂ ਦੀ ਫਸਲ ਦੀ ਢੁਕਵੀਂ ਖਰੀਦ ਨਹੀਂ ਕੀਤੀ ਜਾ ਰਹੀ ਹੈ ਤੇ ਨਾ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਵਾਜਬ ਮੁੱਲ ਦਿੱਤਾ ਜਾ ਰਿਹਾ ਹੈ। ਏਆਈਸੀਸੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਪੋਸਟ ਪਾ ਕੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਜਦੋਂ ਤੋਂ 2014 ਵਿਚ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਰਹੀਆਂ ਹਨ। ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਅਭੈ ਦੂਬੇ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਜਿਸ ਤਰ੍ਹਾਂ ਕਿਸਾਨਾਂ ਨਾਲ ਵਤੀਰਾ ਕੀਤਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਨਰਿੰਦਰ ਮੋਦੀ ਕਿਸਾਨ ਵਿਰੋਧੀ ਹਨ। ਕਾਂਗਰਸ ਦੀ ਮੰਗ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮਿਲਣੀ ਚਾਹੀਦੀ ਹੈ। ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਦੀ ਸੋਇਆਬੀਨ ਦੀ ਫਸਲ ਦਾ ਸਮਰਥਨ ਮੁੱਲ ਘੱਟੋ-ਘੱਟ 6,000 ਰੁਪਏ ਤੈਅ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਸ ਫਸਲ ਦਾ ਸਮਰਥਨ ਮੁੱਲ 6,000 ਰੁਪਏ ਤੈਅ ਕੀਤਾ ਜਾਂਦਾ ਹੈ ਤਾਂ ਜਿਹੜੇ ਕਿਸਾਨ ਇਸ ਤੋਂ ਪਹਿਲਾਂ ਆਪਣੀ ਫਸਲ ਵੇਚ ਚੁੱਕੇ ਹਨ ਤਾਂ ਉਨ੍ਹਾਂ ਦੀ ਰਹਿੰਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਈ ਜਾਵੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਸਲਾਂ ਦਾ ਘੱਟ ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ’ਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਦੇ ਉਚਿਤ ਮੁਆਵਜ਼ੇ ਲਈ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਨੂੰ ਖਤਮ ਕਰਨ ਲਈ ਤਿੰਨ ਆਰਡੀਨੈਂਸ ਲਿਆਂਦੇ ਸਨ। ਪੀਟੀਆਈ