ਮੋਦੀ ਸਰਕਾਰ ਦੀਆਂ ਨੀਤੀਆਂ ਦੇਸ਼ ਦੀ ਏਕਤਾ ਲਈ ਖਤਰਾ: ਪਾਸਲਾ
ਪੱਤਰ ਪ੍ਰੇਰਕ
ਸ਼ਾਹਕੋਟ, 27 ਦਸੰਬਰ
‘ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਹੁਤ ਵੱਡਾ ਖਤਰਾ ਬਣ ਗਈਆਂ ਹਨ।’ ਇਹ ਪ੍ਰਗਟਾਵਾ ਭਾਰਤੀ ਇਨਕਲਾਬੀ ਕਮਿਊਨਿਸਟ ਪਾਰਟੀ (ਆਰਐੱਮਪੀਆਈ) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਨੂੰ ਜਾਤ ਅਤੇ ਧਰਮ ਦੇ ਅਧਾਰ ’ਤੇ ਲੜਾ ਕੇ ਦੇਸ਼ ਅੰਦਰ ਫਿਰਕਾਪ੍ਰਸਤੀ ਫੈਲਾ ਰਹੀ ਹੈ। ਮੁਸਲਮਾਨਾਂ, ਇਸਾਈਆਂ ਅਤੇ ਦਲਿਤਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਸਮਝ ਕੇ ਉਨ੍ਹਾਂ ਉੱਪਰ ਜਬਰ ਢਾਹਿਆ ਜਾ ਰਿਹਾ ਹੈ। ਨਵਉਦਾਰਵਾਦੀ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਜਪਾ ਹਕੂਮਤ ਦੇ ਫਿਰਕੂ ਫਾਸ਼ੀਵਾਦੀ ਏਜੰਡੇ ਖ਼ਿਲਾਫ਼ ਕਿਰਤੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੰਦਿਆ ਪਾਰਟੀ ਵੱਲੋਂ 28 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ। ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਮਨੋਹਰ ਸਿੰਘ ਗਿੱਲ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਹੱਕਾਂ ਖਾਤਰ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।