ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨ ਲਈ 18000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ, ਕਾਂਗਰਸ ਨੇ ਕੀਤਾ ਸੁਆਲ
ਖੁੰਟੀ/ਨਵੀਂ ਦਿੱਲੀ, 15 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਵਜੋਂ 18,000 ਕਰੋੜ ਰੁਪਏ ਜਾਰੀ ਕੀਤੇ। ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਜਨਜਾਤੀ ਮਾਣ ਦਿਵਸ ਨਾਲ ਸਬੰਧਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਬਟਨ ਦਬਾ ਕੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਡਜਿੀਟਲ ਰੂਪ ਵਿੱਚ ਪੈਸੇ ਟਰਾਂਸਫਰ ਕੀਤੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਅਤੇ ਹੋਰ ਸੰਕਟਕਾਲੀ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨਾ ਹੈ। ਇਸ ਸਕੀਮ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਤੀ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਇਸ ਕਿਸ਼ਤ ਤੋਂ ਪਹਿਲਾਂ 2.62 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਟਰਾਂਸਫਰ ਹੋ ਚੁੱਕੇ ਹਨ। ਇਸ ਦੌਰਾਨ ਕਾਂਗਰਸ ਨੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਸਿਰਫ਼ ਦੋ ਦਿਨ ਪਹਿਲਾਂ ਫੰਡ ਜਾਰੀ ਕਰਨ ’ਤੇ ਸਵਾਲ ਖੜ੍ਹੇ ਕੀਤੇ ਅਤੇ ਪੁੱਛਿਆ ਕਿ ਕੀ ਇਹ ਜਾਣ ਬੁੱਝ ਕੇ ਕੀਤਾ ਗਿਆ ਹੈ।