For the best experience, open
https://m.punjabitribuneonline.com
on your mobile browser.
Advertisement

ਮੋਦੀ ਵੱਲੋਂ ਲੂ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ

08:24 AM Jun 03, 2024 IST
ਮੋਦੀ ਵੱਲੋਂ ਲੂ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ
ਨਵੀਂ ਦਿੱਲੀ ਵਿੱਚ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 2 ਜੂਨ
ਦੇਸ਼ ਵਿੱਚ ਅੱਗ ਲੱਗਣ ਦੀਆਂ ਵੱਖ ਵੱਖ ਘਟਨਾਵਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗਰਮੀ ਤੇ ਲੂ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ ਅਤੇ ਹਸਪਤਾਲਾਂ ਤੇ ਹੋਰ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਦਰੁਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੀ ਵੋਟਿੰਗ ਸਮਾਪਤ ਹੋਣ ਦੇ ਅਗਲੇ ਹੀ ਦਿਨ ਪ੍ਰਧਾਨ ਮੰਤਰੀ ਨੇ ਕਈ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਉਨ੍ਹਾਂ ਉੱਤਰ-ਪੂਰਬੀ ਸੂਬਿਆਂ ਵਿੱਚ ਚੱਕਰਵਾਤ ਰੇਮਲ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਸਰਕਾਰ ਦੇ 100 ਦਿਨਾ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਲਈ ਇੱਕ ਲੰਬੇ ਸੈਸ਼ਨ ਵਿੱਚ ਹਿੱਸਾ ਲਿਆ। ਸ਼ਨਿੱਚਰਵਾਰ ਨੂੰ ਜਾਰੀ ਐਗਜ਼ਿਟ ਪੋਲ ਵਿੱਚ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਦੀ ਬਹੁਮਤ ਨਾਲ ਜਿੱਤ ਦੀ ਪੇਸ਼ੀਨਗੋਈ ਕੀਤੀ ਗਈ ਹੈ। ਜੇਕਰ ਇਹ ਸੰਭਾਵਨਾ ਜਿੱਤ ਵਿੱਚ ਬਦਲ ਜਾਂਦੀ ਹੈ ਤਾਂ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਇੱਕ ਸਰਕਾਰੀ ਬਿਆਨ ਅਨੁਸਾਰ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਲੂ ਦੀ ਸਥਿਤੀ ਦੀ ਸਮੀਖਿਆ ਲਈ ਹੋਈ ਮੀਟਿੰਗ ਵਿੱਚ ਮੋਦੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਉਸ ਨਾਲ ਨਜਿੱਠਣ ਲਈ ਨਿਯਮਿਤ ਤੌਰ ’ਤੇ ਢੁੱਕਵੇਂ ਅਭਿਆਸ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗਲਾਂ ਵਿੱਚ ‘ਫਾਇਰ ਲਾਈਨ’ ਦੇ ਰੱਖ-ਰਖਾਅ ਅਤੇ ਬਾਇਓਮਾਸ ਦੇ ਉਪਯੋਗ ਲਈ ਨਿਯਮਤ ਅਭਿਆਸ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਮਾਨਸੂਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਅਤੇ ਆਮ ਨਾਲੋਂ ਵੱਧ ਅਤੇ ਕੁਝ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਇੱਕ ਹੋਰ ਬਿਆਨ ਵਿੱਚ ਕਿਹਾ ਗਿਆ ਕਿ ਚੱਕਰਵਾਤ ਰੇਮਲ ਮਗਰੋਂ ਸਥਿਤੀ ਦੀ ਸਮੀਖਿਆ ਲਈ ਹੋਈ ਮੀਟਿੰਗ ਵਿੱਚ ਨਰਿੰਦਰ ਮੋਦੀ ਨੂੰ ਮਿਜ਼ੋਰਮ, ਅਸਾਮ, ਮਨੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਜਾਨੀ-ਮਾਲੀ ਨੁਕਸਾਨ ਸਣੇ ਹੋਰ ਸੂਬਿਆਂ ਵਿੱਚ ਇਸ ਦੇ ਅਸਰ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਕਿਵੇਂ ਐੱਨਡੀਆਰਐੱਫ ਦੀ ਟੀਮ ਨੇ ਲੋਕਾਂ ਨੂੰ ਬਚਾਉਣ, ਹਵਾਈ ਮਾਰਗ ਰਾਹੀਂ ਉਨ੍ਹਾਂ ਨੂੰ ਕੱਢਣ ਅਤੇ ਸੜਕ ਸਾਫ਼ ਕਰਨ ਦੀ ਮੁਹਿੰਮ ਚਲਾਈ।
ਬਿਆਨ ਵਿੱਚ ਕਿਹਾ ਗਿਆ ਕਿ ਕੇਂਦਰੀ ਗ੍ਰਹਿ ਮੰਤਰਾਲਾ ਸੂਬਾ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਬਿਆਨ ਅਨੁਸਾਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਚੱਕਰਵਾਤ ਤੋਂ ਪ੍ਰਭਾਵਿਤ ਸੂਬਿਆਂ ਨੂੰ ਪੂਰਾ ਸਮਰਥਨ ਦੇਣਾ ਜਾਰੀ ਰੱਖੇਗੀ। ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸਿਖਰਲੇ ਅਧਿਕਾਰੀਆਂ ਨੇ ਇਸ ਮੀਟਿੰਗ ’ਚ ਹਿੱਸਾ ਲਿਆ। -ਪੀਟੀਆਈ

Advertisement

ਨਵੀਂ ਸਰਕਾਰ ਦੇ 100 ਦਿਨਾਂ ਦਾ ਏਜੰਡਾ ਤੈਅ

ਨਵੀਂ ਦਿੱਲੀ: ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠ ਐੱਨਡੀਏ ਸਰਕਾਰ ਦੇ ਤੀਜੀ ਵਾਰ ਸੱਤਾ ’ਚ ਆਉਣ ਪ੍ਰਤੀ ਆਸਵੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦੇ ਅਮਲ ਤੋਂ ਪਹਿਲਾਂ ਹੀ ਨਵੀਂ ਸਰਕਾਰ ਦੇ 100 ਦਿਨਾਂ ਦਾ ਏਜੰਡਾ ਤੈਅ ਕਰ ਲਿਆ ਸੀ। ਉਨ੍ਹਾਂ ਵੱਖ ਵੱਖ ਸਰਕਾਰੀ ਮੰਤਰਾਲਿਆਂ ਨੂੰ ਇਹ ਏਜੰਡਾ ਤਿਆਰ ਕਰਨ ਲਈ ਕਿਹਾ ਸੀ। ਉਨ੍ਹਾਂ ਮੰਤਰੀ ਮੰਡਲ ਦੇ ਸਾਥੀਆਂ ਨੂੰ ਪਹਿਲੇ 100 ਦਿਨਾਂ ਦੇ ਪ੍ਰੋਗਰਾਮਾਂ ਅਤੇ ਪਹਿਲਕਦਮੀਆਂ ਨੂੰ ਤਰਜੀਹ ਦੇਣ ਲਈ ਕਿਹਾ ਸੀ। -ਪੀਟੀਆਈ

Advertisement
Author Image

sukhwinder singh

View all posts

Advertisement
Advertisement
×