ਮੋਗਾ: ਧੂੰਏਂ ’ਚ ਉੱਡੇ ਪਰਾਲੀ ਸਾੜਨ ਤੋਂ ਰੋਕਣ ਦੇ ਪ੍ਰਬੰਧ
ਮਹਿੰਦਰ ਸਿੰਘ ਰੱਤੀਆਂ
ਮੋਗਾ, 22 ਨਵੰਬਰ
ਸੂਬੇ ਵਿੱਚ ਪਰਾਲੀ ਨੂੰ ਅੱਗ ਲੱਗਣ ਰੋਕਣ ਲਈ ਕੀਤੇ ਪ੍ਰਬੰਧ ਧੂੰਏਂ ’ਚ ਉਡ ਗਏ ਹਨ। ਕਿਸਾਨਾਂ ਖ਼ਿਲਾਫ਼ ਸਖ਼ਤੀ ਤੇ ਪਰਚੇ ਦਰਜ ਕਰਨ ਦੇ ਬਾਵਜੂਦ ਵਰਤਾਰਾ ਨਹੀਂ ਰੁਕ ਰਿਹਾ। ਇਥੇ ਜ਼ਿਲ੍ਹੇ ’ਚ 21 ਨਵੰਬਰ ਤੱਕ 585 ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਕਿਸਾਨਾਂ ਨੂੰ 25.60 ਲੱਖ ਜੁਰਮਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਰਿਮੋਰਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚ 21 ਨਵੰਬਰ ਤੱਕ 638 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ ’ਚੋਂ 585 ਕੇਸ ਅੱਗ ਲੱਗਣ ਅਤੇ 53 ਕੇਸ ਅੱਗ ਲੱਗਣ ਦੇ ਨਹੀਂ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਕਰੀਬ ਦੋ ਸੌ ਤੋਂ ਵੱਧ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ ਅਤੇ ਸਬੰਧਤ ਕਿਸਾਨਾਂ ਨੂੰ 25.60 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਐੱਸਐੱਸਪੀ ਅਜੇ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਸਖਤ ਹਦਾਇਤਾਂ ਆ ਰਹੀਆਂ ਹਨ ਕਿ ਕਿਸੇ ਵੀ ਕਿਸਾਨ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਇਜਾਜ਼ਤ ਨਹੀਂ ਹੈ। ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਵੀ ਕਰ ਰਹੇ ਹਾਂ ਪਰ ਫਿਰ ਵੀ ਕਿਸਾਨ ਅੱਗ ਲਾਉਣ ਤੋਂ ਨਹੀਂ ਹਟ ਰਹੇ। ਇਸ ਦੇ ਸਿੱਟੇ ਕਿਸਾਨਾਂ ਨੂੰ ਬਾਅਦ ਵਿੱਚ ਭੁਗਤਣੇ ਪੈਣਗੇ। ਜਦੋਂ ਕਿਸੇ ਨੂੰ ਫਰਦ ਲੈਣੀ ਪੈਣੀ ਹੈ ਤਾਂ ਉਸ ਉੱਪਰ ਰੈਡ ਐਂਟਰੀ ਹੋਈ ਹੋਵੇਗੀ ਅਤੇ ਜੁਰਮਾਨੇ ਵੀ ਹੋਣਗੇ। ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਉਨ੍ਹਾਂ ਦੀ ਆਰਥਿਕ ਮਦਦ ਕਰੇ। ਬਹੁਤੇ ਕਿਸਾਨ ਸ਼ਾਮ ਨੂੰ 5 ਵਜੇ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਂਦੇ ਹਨ ਜੋ ਕਾਫੀ ਘਾਤਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕਰਨਾ ਜਾਂ ਪਰਾਲੀ ਪ੍ਰਬੰਧਨ ਡਿਊਟੀ ਕਰਕੇ ਮੁਲਾਜ਼ਮਾਂ ਵਿਰੁੱਧ ਕੋਈ ਵੀ ਕਾਰਵਾਈ ਕਰਨਾ ਮਸਲੇ ਦਾ ਹੱਲ ਨਹੀਂ ਹੈ।
ਪਰਾਲੀ ਵਾਹ ਕੇ ਖੇਤ ਤਿਆਰ ਕਰਨਾ ਔਖਾ ਕੰਮ: ਘਾਲੀ
ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਵਾਹ ਕੇ ਅਗਲੀ ਹਾੜ੍ਹੀ ਦੀ ਫ਼ਸਲ ਕਣਕ ਲਈ ਖੇਤ ਤਿਆਰ ਕਰਨਾ ਕੋਈ ਸੌਖਾ ਕੰਮ ਨਹੀਂ। ਉਨ੍ਹਾਂ ਕਿਹਾ ਕਿ ਬਹੁਤ ਥਾਵਾਂ ਤੋਂ ਖਬਰਾਂ ਆ ਚੁੱਕੀਆਂ ਹਨ ਕਿ ਜਿਨ੍ਹਾਂ ਕਿਸਾਨਾਂ ਨੇ ਇਸ ਤਰ੍ਹਾਂ ਪਰਾਲੀ ਖੇਤ ਵਿੱਚ ਵਾਹ ਕਣਕ ਦੀ ਬਿਜਾਈ ਕੀਤੀ ਹੈ ਉਥੇ ਸੁੰਡੀ ਤੇ ਚੂਹਿਆਂ ਦਾ ਹਮਲਾ ਹੋ ਰਿਹਾ ਹੈ।