ਮੁਹਾਲੀ: ਕਿਸਾਨਾਂ ਦਾ ਵਫ਼ਦ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ
ਦਰਸ਼ਨ ਸਿੰਘ ਸੋਢੀ
ਮੁਹਾਲੀ, 21 ਅਗਸਤ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦਾ ਵਫ਼ਦ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੂੰ ਮਿਲਿਆ ਅਤੇ ਕਿਸਾਨਾਂ ਦੇ ਭੱਖਦੇ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਹੜ੍ਹਾਂ ਕਾਰਨ ਮੁੱਖ ਫ਼ਸਲ ਜੀਰੀ ਤੇ ਹੋਰ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ਦੂਜੀ ਵਾਰ ਜੀਰੀ ਦੀ ਲੁਆਈ ਕਰਨੀ ਪਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਜ਼ਿਲ੍ਹਿਆਂ 'ਚੋਂ ਮਿਲੀਆਂ ਰਿਪੋਰਟਾਂ ਅਨੁਸਾਰ ਕੁੱਝ ਖ਼ਾਦ ਡੀਲਰ ਅਤੇ ਕੀਟਨਾਸ਼ਕ ਵਿਕਰੇਤਾ ਵੱਲੋਂ ਯੂਰੀਆ ਦੀ ਕੀਮਤ ਸਰਕਾਰੀ ਤੈਅ ਮੁੱਲ ਤੋਂ ਵੱਧ ਵਸੂਲੀ ਜਾ ਰਹੀ ਹੈ। ਵਫ਼ਦ ਨੇ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ ਨਰਮੇ ’ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਖ਼ੌਫਜ਼ਦਾ ਹਨ। ਡਾਇਰੈਕਟਰ ਨੇ ਕਿਸਾਨ ਵਫ਼ਦ ਨੂੰ ਵਿਸ਼ਵਾਸ ਦਿਵਾਉਂਦਿਆਂ ਮੌਕੇ ’ਤੇ ਹੀ ਪੰਜਾਬ ਦੇ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਤੜਨਾ ਕੀਤੀ ਕਿ ਯੂਰੀਆ ਅਤੇ ਹੋਰ ਖ਼ਾਦਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਕਿਹਾ ਕਿ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਨਰਮਾ ਪੱਟੀ ਦੇ ਇਲਾਕਿਆਂ ਵਿੱਚ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀਆਂ ਟੀਮਾਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪਿੰਡਾਂ ਵਿੱਚ ਦੌਰਾ ਕਰਨਗੀਆਂ। ਵਫ਼ਦ ਵਿੱਚ ਜਨਰਲ ਸਕੱਤਰ ਪੰਜਾਬ ਗੁਰਮੇਲ ਸਿੰਘ ਬੋਸਰ, ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਜਸਪਾਲ ਸਿੰਘ ਨੰਡੀਆਲੀ, ਯੂਥ ਪ੍ਰਧਾਨ ਦਲਜੀਤ ਸੰਧੂ ਸ਼ਾਮਲ ਸਨ।