For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਖੇਤਰ ’ਚ ਨਾਜਾਇਜ਼ ਉਸਾਰੀਆਂ ਢਾਹੀਆਂ

06:25 AM May 16, 2024 IST
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਖੇਤਰ ’ਚ ਨਾਜਾਇਜ਼ ਉਸਾਰੀਆਂ ਢਾਹੀਆਂ
ਡੇਰਾਬੱਸੀ ਨੇੜਲੇ ਇਕ ਪਿੰਡ ਵਿੱਚ ਨਾਜਾਇਜ਼ ਉਸਾਰੀਆਂ ਢਾਹੁੰਦਾ ਹੋਇਆ ਗਮਾਡਾ ਦਾ ਅਮਲਾ। -ਫੋਟੋ: ਰੂਬਲ
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਮਈ
ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਦੀ ਜੂਹ ਵਿੱਚ ਪੈਂਦੇ ਪੇਂਡੂ ਖੇਤਰ ਵਿੱਚ ਬਣ ਰਹੀਆਂ ਨਾਜਾਇਜ਼ ਕਲੋਨੀਆਂ ਅਤੇ ਉਸਾਰੀਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਥਾਣਾ ਬਲੌਂਗੀ ਵਿੱਚ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਨੇੜਲੇ ਪਿੰਡ ਤੀੜਾ ਦੇ ਨੌਂ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।
ਇੱਥੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਇਲਾਕਾ ਪੰਜਾਬ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ 1952 ਅਧੀਨ ਆਉਂਦਾ ਹੈ, ਜਿੱਥੇ ਪੰਜਾਬ ਸਰਕਾਰ ਅਤੇ ਪੁੱਡਾ\/ਗਮਾਡਾ ਦੀ ਬਿਨਾਂ ਮਨਜ਼ੂਰੀ ਤੋਂ ਨਵੀਆਂ ਉਸਾਰੀਆਂ ਕਰਨ ਦੀ ਸਖ਼ਤ ਮਨਾਹੀ ਹੈ ਪਰ ਇਸ ਦੇ ਬਾਵਜੂਦ ਪੇਂਡੂ ਵਿੱਚ ਨਾਜਾਇਜ਼ ਉਸਾਰੀਆਂ ਦਾ ਕੰਮ ਜਾਰੀ ਹੈ। ਸੂਤਰ ਦੱਸਦੇ ਹਨ ਕਿ ਨਾਜਾਇਜ਼ ਉਸਾਰੀਆਂ ਅਤੇ ਕਲੋਨੀਆਂ ਦਾ ਕਾਰੋਬਾਰ ਗਮਾਡਾ\/ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਵਧ ਫੁੱਲ ਰਿਹਾ ਹੈ। ਸ਼ਿਕਾਇਤ ਹੋਣ ’ਤੇ ਮਹਿਜ਼ ਖਾਨਾਪੂਰਤੀ ਕੀਤੀ ਜਾਂਦੀ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਗਮਾਡਾ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਕਥਿਤ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੇਂਡੂ ਖੇਤਰ, ਖਾਸ ਕਰਕੇ ਲਾਲ ਡੋਰੇ ਵਿੱਚ ਪੈਂਦੀਆਂ ਜ਼ਮੀਨਾਂ ਵਿੱਚ ਨਾਜਾਇਜ਼ ਉਸਾਰੀਆਂ ਰੋਕਣ ਲਈ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਵਾਉਣ ਵਾਲੀਆਂ ਵਿਕਾਸ ਅਥਾਰਿਟੀਆਂ ਦੇ ਅਧਿਕਾਰੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਗੈਰ-ਕਾਨੂੰਨੀ ਉਸਾਰੀ ’ਤੇ ਤਿੱਖੀ ਨਜ਼ਰ ਰੱਖਣ ਅਤੇ ਜੇਕਰ ਕੋਈ ਵਿਅਕਤੀ ਸਰਕਾਰੀ ਨੇਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਤ ਨਾਜਾਇਜ਼ ਉਸਾਰੀ ਨੂੰ ਤੁਰੰਤ ਪ੍ਰਭਾਵ ਨਾਲ ਤਹਿਸ-ਨਹਿਸ ਕੀਤਾ ਜਾਵੇ ਅਤੇ ਸਬੰਧਤ ਵਿਅਕਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਜ਼ਿਕਰਯੋਗ ਹੈ ਕਿ ਮੁਹਾਲੀ ਨੇੜਲੇ ਪੇਂਡੂ ਖੇਤਰ ਬਲੌਂਗੀ, ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਝਾਮਪੁਰ, ਤੀੜਾ ਅਤੇ ਹੋਰਨਾਂ ਪਿੰਡਾਂ ਵਿੱਚ ਕੁੱਝ ਰਸੂਖਦਾਰਾਂ ਵੱਲੋਂ ਕਥਿਤ ਤੌਰ ’ਤੇ ਖੇਤਾਂ ਵਿੱਚ ਪਲਾਟ ਕੱਟ ਕੇ ਵੇਚੇ ਜਾ ਰਹੇ ਹਨ ਅਤੇ ਸਰਕਾਰੀ ਨੇਮਾਂ ਤੋਂ ਅਣਜਾਣ ਵਿਅਕਤੀ ਸਸਤੇ ਭਾਅ ਵਿੱਚ ਪਲਾਟ ਜਾਂ ਮਕਾਨ ਲੈਣ ਦੇ ਚੱਕਰ ਵਿੱਚ ਪੈਸੇ ਬਰਬਾਦ ਕਰ ਰਹੇ ਹਨ। ਪਹਿਲਾਂ ਵੀ ਬਲੌਂਗੀ ਥਾਣੇ ’ਚ ਕਾਫ਼ੀ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਬਾਅਦ ਵਿੱਚ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ।

Advertisement

ਗਮਾਡਾ ਨੇ ਪਿੰਡ ਦਫ਼ਰਪੁਰ, ਮੋਰਠੀਕਰੀ, ਸੁੰਡਰਾਂ, ਕੁੜਾਵਾਲਾ ਤੇ ਬੇਹੜਾ ’ਚ ਨਾਜਾਇਜ਼ ਉਸਾਰੀਆਂ ਢਾਹੀਆਂ

ਡੇਰਾਬੱਸੀ (ਹਰਜੀਤ ਸਿੰਘ): ਗਮਾਡਾ ਵੱਲੋਂ ਨਾਜਾਇਜ਼ ਕਲੋਨੀਆਂ ਵਿੱਚ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੁਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਦਫ਼ਰਪੁਰ, ਮੋਰਠੀਕਰੀ, ਸੁੰਡਰਾਂ, ਕੁੜਾਵਾਲਾ ਤੇ ਬੇਹੜਾ ਪਿੰਡਾਂ ਵਿੱਚ ਕੱਟੀਆਂ ਨਾਜਾਇਜ਼ ਕਲੋਨੀਆਂ ਵਿੱਚ ਹੋਈਆਂ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ। ਇਸ ਦੌਰਾਨ ਗਮਾਡਾ ਦੀ ਟੀਮ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਪਰ ਇਸ ਦੇ ਬਾਵਜੂਦ ਟੀਮ ਵੱਲੋਂ ਆਪਣੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਜੇਸੀਬੀ ਦੀ ਮਦਦ ਨਾਲ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਕੱਤਰ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਬਾਹਰੀ ਪਿੰਡਾਂ ਵਿੱਚ ਨਾਜਾਇਜ਼ ਕਲੋਨੀਆਂ ਦੀ ਭਰਮਾਰ ਹੈ। ਕਲੋਨਾਈਜ਼ਰ ਮਾਲ ਵਿਭਾਗ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਖੇਤਾਂ ਵਿੱਚ ਬਿਨਾ ਕਿਸੇ ਮਨਜ਼ੂਰੀ ਤੋਂ ਨਾਜਾਇਜ਼ ਕਲੋਨੀਆਂ ਕੱਟ ਕੇ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਹਨ। ਇਸ ਕਰ ਕੇ ਗਮਾਡਾ ਵੱਲੋਂ ਅੱਜ ਅਜਿਹੀਆਂ ਕਲੋਨੀਆਂ ਵਿੱਚ ਕਲੋਨਾਈਜ਼ਰਾਂ ਵੱਲੋਂ ਉਸਾਰੀਆਂ ਗਈਆਂ ਸੜਕਾਂ, ਸੀਵਰੇਜ ਦੀਆਂ ਪਾਈਪਾਂ, ਨਾਲੀਆਂ, ਸਟਰੀਟ ਲਾਈਟ ਦੇ ਖੰਭੇ ਤੇ ਚਾਰਦੀਵਾਰੀ ਢਾਹ ਦਿੱਤੀ। ਗਮਾਡਾ ਦੇ ਜੇ.ਈ. ਸ਼ੁਭਕਰਨ ਨੇ ਦੱਸਿਆ ਕਿ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾਂਦੀ ਹੈ ਜਿਸ ਤਹਿਤ ਉਕਤ ਪਿੰਡਾਂ ਵਿੱਚ ਦਰਜਨਾਂ ਕਲੋਨੀਆਂ ਵਿੱਚ ਹੋਈਆਂ ਨਾਜਾਇਜ਼ ਉਸਾਰੀਆਂ ਨੂੰ ਜੇਸੀਬੀ ਦੀ ਮਦਦ ਨਾਲ ਢਾਹ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਸਤੇ ਪਲਾਟਾਂ ਦੇ ਚੱਕਰ ਵਿੱਚ ਨਾਜਾਇਜ਼ ਕਲੋਨੀਆਂ ਵਿੱਚ ਆਪਣੀ ਜ਼ਿੰਦਗੀ ਦੀ ਕਮਾਈ ਨਾ ਲਗਾਉਣ। ਉਨ੍ਹਾਂ ਕਿਹਾ ਕਿ ਛੇਤੀ ਹੀ ਅਜਿਹੇ ਕਲੋਨਾਈਜ਼ਰਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਏਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਕਿ ਸੀ ਹੁਣ ਸੂਬੇ ਵਿੱਚ ਨਾਜਾਇਜ਼ ਕਲੋਨੀਆਂ ਨਹੀਂ ਕੱਟਣ ਦਿੱਤੀਆਂ ਜਾਣਗੀਆਂ। ਉਸ ਵੇਲੇ ਦਾਅਵਾ ਕੀਤਾ ਗਿਆ ਕਿ ਜਿਸ ਅਫ਼ਸਰ ਦੇ ਸਮੇਂ ਨਾਜਾਇਜ਼ ਕਲੋਨੀ ਕੱਟੀ ਜਾਵੇਗੀ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ ਪਰ ਇਸ ਦੇ ਬਾਵਜੂਦ ਖੇਤਰ ਵਿੱਚ ਨਾਜਾਇਜ਼ ਕਲੋਨੀਆਂ ਦਾ ਕਾਰੋਬਾਰ ਬੇਧੜਕ ਚੱਲ ਰਿਹਾ ਹੈ। ਕਲੋਨਾਈਜ਼ਰ ਖੇਤਾਂ ਵਿੱਚ ਬਿਨਾਂ ਮਨਜ਼ੂਰੀ ਤੋਂ ਗਲੀਆਂ, ਨਾਲੀਆਂ ਬਣਾ ਕੇ ਪਲਾਟ ਵੇਚ ਦਿੰਦੇ ਹਨ। ਲੋਕ ਸਸਤੇ ਪਲਾਟਾਂ ਦੇ ਚੱਕਰ ਵਿੱਚ ਸਾਰੀ ਜ਼ਿੰਦਗੀ ਦੀ ਕਮਾਈ ਲਗਾ ਦਿੰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਘਰਾਂ ਅਤੇ ਕਲੋਨੀਆਂ ਨੂੰ ਕੋਈ ਮਨਜ਼ੂਰੀ ਨਹੀਂ ਮਿਲਦੀ।

Advertisement
Author Image

joginder kumar

View all posts

Advertisement
Advertisement
×