For the best experience, open
https://m.punjabitribuneonline.com
on your mobile browser.
Advertisement

ਅਮਰੂਦਾਂ ਦੇ ਬਾਗ ਕਾਂਡ: ਈਡੀ ਨੇ ਪੰਜਾਬ ਦੇ 7 ਜ਼ਿਲ੍ਹਿਆਂ ’ਚ 26 ਥਾਵਾਂ ’ਤੇ ਛਾਪੇ ਮਾਰੇ, ਡੀਸੀ ਧੀਮਾਨ ਤੇ ਰੂਜ਼ਮ ਵੀ ਨਿਸ਼ਾਨੇ ’ਤੇ

11:25 AM Mar 27, 2024 IST
ਅਮਰੂਦਾਂ ਦੇ ਬਾਗ ਕਾਂਡ  ਈਡੀ ਨੇ ਪੰਜਾਬ ਦੇ 7 ਜ਼ਿਲ੍ਹਿਆਂ ’ਚ 26 ਥਾਵਾਂ ’ਤੇ ਛਾਪੇ ਮਾਰੇ  ਡੀਸੀ ਧੀਮਾਨ ਤੇ ਰੂਜ਼ਮ ਵੀ ਨਿਸ਼ਾਨੇ ’ਤੇ
ਈਡੀ ਵੱਲੋਂ ਚੰਡੀਗੜ੍ਹ ਦੇ ਸੈਕਟਰ 20 ’ਚ ਵਰੁਣ ਰੂਜ਼ਮ ਦੀ ਕੋਠੀ ਲਈ ਜਾ ਰਹੀ ਤਲਾਸ਼ੀ ਦੀ ਝਲਕ।-ਫੋਟੋ: ਰਵੀ ਕੁਮਾਰ
Advertisement

ਦਰਸ਼ਨ ਸਿੰਘ ਸੋਢੀ/ ਏਜੰਸੀ

Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿੰਡ ਬਾਕਰਪੁਰ ਦੇ ਕਥਿਤ ਬਹੁ-ਕਰੋੜੀ ਅਮਰੂਦ ਬਾਗਾਂ ਦੇ ਮੁਆਵਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੁਹਾਲੀ ਸਮੇਤ ਸੱਤ ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਛਾਪੇਮਾਰੀ ਕੀਤੀ। ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਗਿਆ ਅਤੇ ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਇਸ ਘਪਲੇ ਵਿੱਚ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਦੇ ਮੌਜੂਦਾ ਅਤੇ ਤਤਕਾਲੀ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੀਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਹੋਰ ਪ੍ਰਾਈਵੇਟ ਵਿਅਕਤੀ ਵੀ ਸ਼ਾਮਲ ਹਨ।

ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਪਿੰਡ ਵਾਸੀਆਂ ਨੂੰ ਲੈ ਕੇ ਇਹ ਮਾਮਲਾ ਵੱਡੇ ਪੱਧਰ ’ਤੇ ਚੁੱਕਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਐਰੋਟ੍ਰੋਪੋਲਿਸ ਸਿਟੀ ਦੇ ਵਿਕਾਸ ਲਈ ਪਿੰਡ ਬਾਕਰਪੁਰ ਅਤੇ ਮੁਹਾਲੀ ਏਅਰਪੋਰਟ ਸੜਕ ਨਾਲ ਲੱਗਦੇ ਕੁਝ ਪਿੰਡਾਂ ਦੀ ਐਕੁਆਇਰ ਕੀਤੀ ਖੇਤੀਬਾੜੀ ਜ਼ਮੀਨ ਵਿੱਚ ਅਮਰੂਦ ਦੇ ਬਾਗਾਂ ਲਈ ਮੁਆਵਜ਼ੇ ਦੀ ਆੜ ਵਿੱਚ ਜਾਰੀ ਕੀਤੇ ਗਏ ਲਗਪਗ 137 ਕਰੋੜ ਰੁਪਏ ਦੇ ਗਬਨ ਨਾਲ ਸਬੰਧਤ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਪਿਛਲੇ ਸਾਲ 2023 ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਧਰ, ਹੁਣ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਨੂੰ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੂਜ਼ਮ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਛਾਪੇਮਾਰੀ ਕੀਤੀ ਗਈ। ਇਹ ਦੋਵੇਂ ਅਧਿਕਾਰੀ ਕ੍ਰਮਵਾਰ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦਿਆਂ ’ਤੇ ਰਹਿ ਚੁੱਕੇ ਹਨ। ਧੀਮਾਨ ਕੋਲੋਂ ਪੁੱਛਗਿੱਛ ਤੋਂ ਬਾਅਦ ਈਡੀ ਦੀ ਟੀਮ ਇਸ ਅਧਿਕਾਰੀ ਨੂੰ ਆਪਣੇ ਨਾਲ ਲੈ ਗਈ ਸੀ। ਧੀਮਾਨ ਨੇ ਗਮਾਡਾ ਵਿੱਚ ਤਾਇਨਾਤੀ ਦੌਰਾਨ ਆਪਣੀ ਪਤਨੀ ਦੇ ਨਾਂ ਉੱਤੇ ਅਮਰੂਦਾਂ ਦੇ ਬਾਗ ਦੇ ਪੈਸੇ ਟਰਾਂਸਫ਼ਰ ਕੀਤੇ ਸਨ। ਰੂਜ਼ਮ ਦੀ ਪਤਨੀ ਦਾ ਨਾਂ ਵੀ ਇਸ ਮਾਮਲੇ ਵਿੱਚ ਉਛਲਿਆ ਸੀ।

ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਲਾਭਪਾਤਰੀ/ਜ਼ਮੀਨ ਮਾਲਕ, ਜਿਨ੍ਹਾਂ ਨੇ ਆਪਣੀ ਜ਼ਮੀਨ ਵਿੱਚ ਲੱਗੇ ਫਲਦਾਰ ਰੁੱਖਾਂ ਲਈ ਮੁਆਵਜ਼ੇ ਦਾ ਦਾਅਵਾ ਕੀਤਾ ਹੈ, ਉਹ ਗਮਾਡਾ ਦੇ ਉੱਚ ਅਧਿਕਾਰੀਆਂ ਨੂੰ ਜਾਣਦੇ ਸਨ ਅਤੇ ਉਨ੍ਹਾਂ ਨੂੰ ਜਿਨ੍ਹਾਂ ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ, ਦੀ ਪਹਿਲਾਂ ਤੋਂ ਜਾਣਕਾਰੀ ਸੀ। ਇਸ ਤੋਂ ਇਲਾਵਾ, ਉਹ ਇਹ ਵੀ ਜਾਣਦੇ ਸਨ ਕਿ ਫਲਦਾਰ ਪੌਦਿਆਂ ਸਮੇਤ ਰੁੱਖਾਂ ਸਬੰਧੀ ਮੁਆਵਜ਼ੇ ਦਾ ਮੁਲਾਂਕਣ ਐਕੁਆਇਰ ਕੀਤੀ ਜ਼ਮੀਨ ਦੀ ਕੀਮਤ ਤੋਂ ਵੱਖਰੇ ਤੌਰ ’ਤੇ ਕੀਤਾ ਜਾਵੇਗਾ। ਇਨ੍ਹਾਂ ਵਿਅਕਤੀਆਂ ਜਾਂ ਸਮੂਹਾਂ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ (ਐੱਲਏਸੀ), ਗਮਾਡਾ, ਬਾਗਬਾਨੀ ਵਿਭਾਗ ਦੇ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਹਿਲਾਂ ਤੋਂ ਯੋਜਨਾਬੱਧ ਢੰਗ ਨਾਲ ਭੂਮੀ ਗ੍ਰਹਿਣ, ਜ਼ਮੀਨ ਪ੍ਰਾਪਤੀ ਅਤੇ ਪੁਨਰਵਾਸ ਅਤੇ ਮੁੜ ਵਸੇਬਾ ਐਕਟ 2013 ਵਿੱਚ ਨਿਰਪੱਖ ਮੁਆਵਜ਼ੇ ਅਤੇ ਪਾਰਦਰਸ਼ਤਾ ਦੇ ਅਧਿਕਾਰਾਂ ਦਾ ਸ਼ੋਸ਼ਣ ਕਰਨ ਦੇ ਇਰਾਦੇ ਨਾਲ ਅਥਾਰਟੀ ਵੱਲੋਂ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਖਰੀਦਣਾ ਸ਼ੁਰੂ ਕਰ ਦਿੱਤਾ। ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਵਿਜੀਲੈਂਸ ਜਾਂਚ ਅਨੁਸਾਰ ਮੁਲਜ਼ਮਾਂ ਨੇ ਅਮਰੂਦ ਦੇ ਦਰਖਤਾਂ ਦੀ ਕੀਮਤ ਵਿੱਚ ਵਾਧਾ ਕਰਨ ਲਈ ਪੌਦਿਆਂ ਦੀ ਉਮਰ 4 ਸਾਲ ਜਾਂ ਇਸ ਤੋਂ ਵੱਧ ਦੱਸੀ ਗਈ ਤਾਂ ਜੋ ਇਹ ਮੰਨਿਆ ਜਾਵੇ ਕਿ ਇਹ ਪੌਦੇ ਫ਼ਲ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਜਿਹਾ ਕਰਨ ਲਈ ਮੁਲਜ਼ਮਾਂ ਨੇ ਸਾਲ 2016-17 ਦਾ ਬਾਕਰਪੁਰ ਨਾਲ ਸਬੰਧਤ ਮਾਲ/ਖਸਰਾ ਗਿਰਦਾਵਰੀ ਰਜਿਸਟਰ ਦਾ ਰਿਕਾਰਡ ਹਾਸਲ ਕੀਤਾ ਅਤੇ ਮੁਲਜ਼ਮ ਮਾਲ ਪਟਵਾਰੀ ਬਚਿੱਤਰ ਸਿੰਘ ਦੀ ਮਦਦ ਨਾਲ ਰਿਕਾਰਡ ਵਿੱਚ ਛੇੜਛਾੜ ਕਰਕੇ ਦਰਜ ਕੀਤਾ ਕਿ ਅਮਰੂਦ ਦੇ ਦਰੱਖਤ ਸਾਲ 2016 ਵਿੱਚ ਲਗਾਏ ਗਏ ਸਨ। ਹੁਣ ਤੱਕ ਲਾਭਪਾਤਰੀਆਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਕੁੱਲ 21 ਮੁਲਜ਼ਮਾਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Advertisement
Author Image

Advertisement
Advertisement
×